ਮੋਗਾ: ਆਮ ਆਦਮੀ ਪਾਰਟੀ ਨੇ ਕੌਂਸਲ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ’ਤੇ ਸੱਤਾਧਾਰੀ ਕਾਂਗਰਸ ਦੇ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਗਾਉਂਦਿਆਂ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫ਼ੀ ਕਰਾਉਣ ਦੀ ਮੰਗ ਕੀਤੀ ਹੈ। ਇੱਥੇ ਦੋ ਦਿਨ ਪਹਿਲਾਂ ਚੋਣ ਹਿੰਸਾ ਦੌਰਾਨ ਮਾਰੇ ਗਏ ਅਕਾਲੀ ਉਮੀਦਵਾਰ ਦੇ ਸਮਰਥਕ ਹਰਮਿੰਦਰ ਸਿੰਘ ਉਰਫ਼ ਬੱਬੂ ਗਿੱਲ ਅਤੇ ਜਗਦੀਪ ਸਿੰਘ ਉਰਫ਼ ਭੋਲਾ ਸਰਪੰਚ ਦੇ ਘਰ ਅਫ਼ਸੋਸ ਕਰਨ ਪੁੱਜੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੁਲੀਸ ਦੀ ਮੌਜੂਦਗੀ ਵਿੱਚ ਵਾਪਰੇ ਇਸ ਕਾਂਡ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ, ਮਾਮਲੇ ਦੀ ਉੱਚ ਪੱਧਰੀ ਜਾਂਚ ਕਰਾਉਣ ਤੇ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਸੂਬੇ ਵਿੱਚ ਕੇਂਦਰੀ ਸੁਰੱਖਿਆ ਬਲ ਦੀ ਤਾਇਨਾਤੀ ਅਤੇ ਪੂਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫ਼ੀ ਕਰਾਉਣ ਦੀ ਮੰਗ ਕੀਤੀ। ਉਨ੍ਹਾਂ ਸਿਵਲ ਤੇ ਪੁਲੀਸ ਅਧਿਕਾਰੀਆਂ ’ਤੇ ਚੋਣਾਂ ਜਿੱਤਣ ਲਈ ਕਾਂਗਰਸੀ ਵਰਕਰ ਬਣ ਕੇ ਹਾਕਮ ਧਿਰ ਲਈ ਕੰਮ ਕਰਨ ਦਾ ਦੋਸ਼ ਲਾਇਆ। ਇਸ ਮੌਕੇ ਸੀਨੀਅਰ ਆਗੂ ਨਵਦੀਪ ਸਿੰਘ ਸੰਘਾ ਅਤੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਵੀ ਮੌਜੂਦ ਸਨ।
-ਪੱਤਰ ਪ੍ਰੇਰਕ