ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੂਨ
ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਫੜਨ ਲਈ ਅੱਜ ਕੈਨੇਡਾ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਇਨ੍ਹਾਂ ਗੈਂਗਸਟਰਾਂ ਵੱਲੋਂ ਕੈਨੇਡਾ ਤੋਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਕੈਨੇਡੀਅਨ ਹਾਈ ਕਮਿਸ਼ਨਰ ਕੈਮਰੌਨ ਮਕਾਏ ਨਾਲ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਉਂਦਿਆਂ ਪੰਜਾਬ ਅਤੇ ਕੈਨੇਡਾ ’ਚ ਗਰੋਹਾਂ ਤੇ ਗੈਂਗਸਟਰਾਂ ਦੇ ਵਾਧੇ ਉਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਕੈਨੇਡਾ ’ਚ ਬੈਠੇ ਕੁੱਝ ਪੰਜਾਬੀ ਗੈਂਗਸਟਰ ਸੂਬੇ ’ਚ ਸ਼ਾਂਤੀ ਦੇ ਮਾਹੌਲ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੈਂਗਸਟਰ ਇਕ ਪਾਸੇ ਅਮਨ ਤੇ ਕਾਨੂੰਨ ਦੀ ਸਮੱਸਿਆ ਖੜ੍ਹੀ ਕਰ ਰਹੇ ਹਨ ਅਤੇ ਦੂਜੇ ਪਾਸੇ ਸੂਬੇ ਦੀ ਤਰੱਕੀ ਦੀ ਰਫ਼ਤਾਰ ਨੂੰ ਲੀਹੋਂ ਉਤਾਰ ਰਹੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਵਕਾਲਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਧਾਰਾਵਾਂ ਤਹਿਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਕੋਈ ਹੋਰ ਇਸ ਰਾਹ ਉਤੇ ਜਾਣ ਤੋਂ ਗੁਰੇਜ਼ ਕਰੇ। ਕੈਨੇਡਾ ਅਤੇ ਪੰਜਾਬ ਪੁਲੀਸ ਵਿਚਾਲੇ ਸਾਂਝੀ ਪੁਲੀਸ ਕਾਰਵਾਈ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਸਿਰਫ਼ ਇਹੋ ਇਕ ਰਾਹ ਹੈ, ਜਿਸ ਨਾਲ ਦੋਵੇਂ ਥਾਵਾਂ ਨੂੰ ਗੈਂਗਸਟਰਾਂ ਤੋਂ ਮੁਕਤ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਕੈਨੇਡਾ ਵਰਗੀ ਆਧੁਨਿਕ ਪੁਲੀਸ ਫੋਰਸ ਪੰਜਾਬ ਪੁਲੀਸ ਦਾ ਸਹਿਯੋਗ ਕਰੇਗੀ ਤਾਂ ਇਨ੍ਹਾਂ ਗਰੋਹਾਂ ਦਾ ਆਸਾਨੀ ਨਾਲ ਖ਼ਾਤਮਾ ਕੀਤਾ ਜਾ ਸਕਦਾ ਹੈ। ‘ਇਹ ਸਮੇਂ ਦੀ ਲੋੜ ਹੈ ਕਿਉਂਕਿ ਇਨ੍ਹਾਂ ਗੈਂਗਸਟਰਾਂ ਦੀਆਂ ਕਾਰਵਾਈਆਂ ਕੈਨੇਡਾ ਅਤੇ ਪੰਜਾਬ ਦੇ ਸਮਾਜ, ਅਰਥਚਾਰੇ ਤੇ ਜੀਵਨ ਲਈ ਗੰਭੀਰ ਖ਼ਤਰਾ ਖੜ੍ਹਾ ਕਰ ਰਹੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਹਿਯੋਗ ਨਾਲ ਕੈਨੇਡਾ ਅਤੇ ਪੰਜਾਬ ਸਫ਼ਲਤਾ ਦੇ ਨਵੇਂ ਦਿਸਹੱਦੇ ਸਿਰਜਣਗੇ।
ਮੂਸੇਵਾਲਾ ਹੱਤਿਆ ਕਾਂਡ: ਦਿੱਲੀ ਪੁਲੀਸ ਵੱਲੋਂ ਛੇ ਸ਼ੂਟਰਾਂ ਦੀ ਪਛਾਣ
ਨਵੀਂ ਦਿੱਲੀ: ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਸਬੰਧ ਵਿੱਚ ਦਿੱਲੀ ਪੁਲੀਸ ਨੇ ਛੇ ਸ਼ੂਟਰਾਂ ਦੀ ਪਛਾਣ ਕੀਤੀ ਹੈ। ਇਹ ਜਾਣਕਾਰੀ ਦਿੱਲੀ ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦਿੱਤੀ। ਸਪੈਸ਼ਲ ਪੁਲੀਸ ਕਮਿਸ਼ਨਰ (ਵਿਸ਼ੇਸ਼ ਸੈੱਲ) ਐੱਚ. ਐੱਸ. ਧਾਲੀਵਾਲ ਨੇ ਦੱਸਿਆ ਕਿ ਗਾਇਕ ਦੀ ਹੱਤਿਆ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਸੀ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੁਲੀਸ ਨੇ ਅੱਠ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਹਾਲ ਹੀ ਵਿੱਚ ਜਾਰੀ ਕੀਤੀਆਂ ਸਨ ਤੇ ਹੁਣ ਛੇ ਸ਼ੂਟਰਾਂ ਦੀ ਪਛਾਣ ਕਰ ਲਈ ਗਈ ਹੈ। ਜ਼ਿਕਰਯੋਗ ਹੈ ਕਿ ਦਿੱਲੀ ਪੁਲੀਸ ਨੇ ਬੀਤੇ ਬੁੱਧਵਾਰ ਨੂੰ ਦੱਸਿਆ ਸੀ ਕਿ ਮੂਸੇਵਾਲਾ ਹੱਤਿਆ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਹੈ। ਇਸ ਹੱਤਿਆ ਕਾਂਡ ਦੇ ਸਬੰਧ ਵਿੱਚ ਸਿਦੇਸ਼ ਹੀਰਾਮਨ ਕਾਮਲੇ ਉਰਫ ਮਹਾਕਾਲ ਨੂੰ ਮਹਾਰਾਸ਼ਟਰ ਪੁਲੀਸ ਨੇ ਇਸ ਹਫਤੇ ਦੇ ਸ਼ੁਰੂ ਵਿੱਚ ਪੁਣੇ ਤੋਂ ਗ੍ਰਿਫ਼ਤਾਰ ਕੀਤਾ ਸੀ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ 29 ਮਈ ਨੂੰ ਮਾਨਸਾ ਜ਼ਿਲ੍ਹੇ ਵਿੱਚ ਹੋਈ ਸੀ। -ਪੀਟੀਆਈ