ਸਰਕਾਰ ਵੱਲੋਂ ਦਰਿਆਵਾਂ ਦੇ ਕੰਢਿਆਂ ’ਤੇ 24 ਘੰਟੇ ਨਿਗਰਾਨੀ ਦੇ ਹੁਕਮ
ਜਲ ਸਰੋਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨਾਲ ਹਡ਼੍ਹਾਂ ਦੇ ਪ੍ਰਬੰਧਾਂ ਬਾਰੇ ਕੀਤੀ ਮੀਟਿੰਗ
Advertisement
ਪੰਜਾਬ ਨਾਲ ਲਗਦੇ ਪਹਾੜੀ ਇਲਾਕੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਪੰਜਾਬ ਦੇ ਸਾਰੇ ਡੈਮ ਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ। ਇਸ ਦੌਰਾਨ ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫਿਰੋਜ਼ਪੁਰ ਤੇ ਫਾਜ਼ਿਲਕਾ ਦੇ ਕਈ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਚੁੱਕੇ ਹਨ। ਇਨ੍ਹਾਂ ਹਾਲਤਾਂ ਨੂੰ ਵੇਖਦਿਆਂ ਅੱਜ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਵੀਡੀਓ ਕਾਨਫਰੰਸਿੰਗ ਮੀਟਿੰਗ ਕੀਤੀ। ਮੀਟਿੰਗ ਵਿੱਚ ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰਾਂ ਸਣੇ ਡਰੇਨੇਜ਼ ਵਿਭਾਗ ਦੇ ਸਾਰੇ ਕਾਰਜਕਾਰੀ ਇੰਜਨੀਅਰ ਅਤੇ ਸੁਪਰਡੈਂਟ ਇੰਜਨੀਅਰ (ਐੱਸਈ) ਸ਼ਾਮਲ ਹੋਏ।
ਕੈਬਨਿਟ ਮੰਤਰੀ ਗੋਇਲ ਨੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਅਧਿਕਾਰੀਆਂ ਨੂੰ ਪੰਜਾਬ ਦੇ ਸਾਰੇ ਦਰਿਆਵਾਂ ਦੇ ਕੰਢਿਆਂ ’ਤੇ 24 ਘੰਟੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਉਪਰਲੇ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਲਈ ਹੜ੍ਹਾਂ ਦੀ ਸਥਿਤੀ ਬਾਰੇ ਚੌਕਸੀ ਵਧਾਈ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰਾਂ ਨੇ ਕੈਬਨਿਟ ਮੰਤਰੀ ਨੂੰ ਪ੍ਰਭਾਵਿਤ ਖੇਤਰਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਜ਼ਰੂਰੀ ਸਹੂਲਤਾਂ ਨਾਲ ਲੈਸ ਢੁਕਵੇਂ ਰਾਹਤ ਕੈਂਪ ਬਣਾਏ ਜਾਣ। ਉਨ੍ਹਾਂ ਹੜ੍ਹਾਂ ਕਾਰਨ ਪੈਦਾ ਹੋ ਰਹੀ ਸਥਿਤੀ ਦਾ ਨਿਰੰਤਰ ਮੁਲਾਂਕਣ ਕਰਨ ਅਤੇ ਰੋਕਥਾਮ ਉਪਾਅ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਬਣਾਉਣ ਲਈ ਵੀ ਕਿਹਾ।
Advertisement
Advertisement