ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਮਾਰਚ
ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਜੇ ਤੱਕ ਜਨਵਰੀ ਅਤੇ ਫਰਵਰੀ ਮਹੀਨੇ ਦੀ ਤਨਖਾਹ ਨਸੀਬ ਨਹੀਂ ਹੋਈ। ਆਰਥਿਕ ਮੁਸ਼ਕਲਾਂ ਨਾਲ ਜੂਝ ਰਹੇ ਅਧਿਆਪਕ ਅਨੇਕਾਂ ਵਾਰ ਉਚ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਚੁੱਕੇ ਹਨ ਪਰ ਤਨਖਾਹਾਂ ਤੋਂ ਵਾਂਝੇ ਅਧਿਆਪਕਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਜਿਸ ਕਾਰਨ ਅੱਜ ਮੁੜ ਅਧਿਆਪਕਾਂ ਵਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਅਗਵਾਈ ਹੇਠ ਮੀਟਿੰਗ ਕਰਕੇ ਸਰਕਾਰ ਤੋਂ ਤੁਰੰਤ ਤਨਖਾਹਾਂ ਲਈ ਬਜਟ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।
ਡੀਟੀਐਫ਼ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਅਤੇ ਸਕੱਤਰ ਹਰਭਗਵਾਨ ਗੁਰਨੇ ਨੇ ਅਧਿਆਪਕਾਂ ਦੀ ਮੀਟਿੰਗ ਮਗਰੋਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ, ਮਾਨਸਾ, ਬਠਿੰਡਾ ਆਦਿ ਜ਼ਿਲ੍ਹਿਆਂ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਜਨਵਰੀ ਮਹੀਨੇ ਤੋਂ ਤਨਖਾਹ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡੀਪੀਈ ਨਾਲ ਫੋਨ ’ਤੇ ਗੱਲਬਾਤ ਹੋਈ ਸੀ ਜਿਨ੍ਹਾਂ ਵਲੋਂ 5 ਮਾਰਚ ਤੱਕ ਤੱਕ ਤਨਖਾਹਾਂ ਜਾਰੀ ਕਰਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰੰਤੂ ਪਰਨਾਲਾ ਉਥੇ ਦਾ ਉਥੇ ਲਟਕ ਰਿਹਾ ਹੈ। ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਭਲਵਾਨ ਅਤੇ ਸਕੱਤਰ ਜੋਤਇੰਦਰ ਸਿੰਘ ਨੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ। ਜੇਕਰ ਅਜਿਹਾ ਨਾ ਹੋਇਆ ਤਾਂ ਅਧਿਆਪਕਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਵੇਗਾ।