DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ’ਚ 16 ਤੋਂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ

ਖ਼ਰੀਦ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ: ਮਾਨ; ਹਡ਼੍ਹ ਪ੍ਰਭਾਵਿਤ ਮੰਡੀਆਂ ਵੀ 19 ਤੱਕ ਹੋ ਜਾਣਗੀਆਂ ਚਾਲੂ 
  • fb
  • twitter
  • whatsapp
  • whatsapp
featured-img featured-img
ਮੰਡੀ ’ਚ ਝੋਨੇ ਦੀ ਫ਼ਸਲ ਲੈ ਕੇ ਪੁੱਜੇ ਕਿਸਾਨ ਗੱਲਬਾਤ ਕਰਦੇ ਹੋਏ।
Advertisement

ਪੰਜਾਬ ’ਚ ਝੋਨੇ ਦੀ ਸਰਕਾਰੀ ਖਰੀਦ 16 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ। ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਖਰੀਦਦਾਰਾਂ ਵੱਲੋਂ ਤਿੰਨ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਤੱਕ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਕਿਸਾਨਾਂ ਨੂੰ ਚੰਗਾ ਭਾਅ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਬਿਜਾਈ 15 ਦਿਨ ਪਹਿਲਾਂ ਸ਼ੁਰੂ ਕੀਤੀ ਗਈ ਸੀ, ਜਿਸ ਕਾਰਨ ਮੰਡੀਆਂ ਵਿੱਚ 15 ਦਿਨ ਪਹਿਲਾਂ ਹੀ ਝੋਨਾ ਆਉਣਾ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ, ਜਦੋਂ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕਈ ਥਾਵਾਂ ’ਤੇ ਮੰਡੀਆਂ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜ੍ਹਾਂ ਦੀ ਮਾਰ ਹੇਠ ਆਈਆਂ ਮੰਡੀਆਂ ਦੀ ਸਫ਼ਾਈ ਅਤੇ ਮੁਰੰਮਤ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਇਨ੍ਹਾਂ ਮੰਡੀਆਂ ਨੂੰ 19 ਸਤੰਬਰ ਤੱਕ ਖਰੀਦ ਲਈ ਕਾਰਜਸ਼ੀਲ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਖਰੀਦ ਲਈ 1822 ਮੰਡੀਆਂ ਤਿਆਰ ਕੀਤੀਆਂ ਗਈਆਂ ਹਨ, ਜਿੱਥੇ ਝੋਨੇ ਦੀ ਖਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਲੋੜ ਪੈਣ ’ਤੇ ਹੋਰ ਕਈ ਮੰਡੀਆਂ ਨੂੰ ਆਰਜ਼ੀ ਤੌਰ ’ਤੇ ਚਲਾਇਆ ਜਾਵੇਗਾ। ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਉੱਥੇ ਹਾਲੇ ਪ੍ਰਾਈਵੇਟ ਵਪਾਰੀਆਂ ਵੱਲੋਂ ਖਰੀਦ ਕੀਤੀ ਜਾ ਰਹੀ ਹੈ।

ਖੰਨਾ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ

ਖੰਨਾ (ਜੋਗਿੰਦਰ ਸਿੰਘ ਓਬਰਾਏ): ਇਕ ਪਾਸੇ ਸੂਬੇ ਦੇ ਬਹੁਗਿਣਤੀ ਕਿਸਾਨ ਬਾਰਸ਼ਾਂ ਦੀ ਮਾਰ ਝੱਲ ਰਹੇ ਹਨ, ਦੂਜੇ ਪਾਸੇ ਏਸ਼ੀਆ ਦੀ ਵੱਡੀ ਖੰਨਾ ਅਨਾਜ ਮੰਡੀ ਵਿੱਚ ਝੋਨੇ ਦੀ ਆਮਦ ਆਰੰਭ ਹੋ ਗਈ ਹੈ। ਮੰਡੀ ਵਿੱਚ ਪੁੱਜੀ ਬਾਸਮਤੀ 1509 ਝੋਨੇ ਦੀ ਫ਼ਸਲ ਦਾ ਜਿੱਥੇ ਝਾੜ ਘੱਟ ਨਿਕਲ ਰਿਹਾ ਹੈ, ਉੱਥੇ ਹੀ ਮਿਆਰ ’ਚ ਵੀ ਫਰਕ ਨਜ਼ਰ ਆ ਰਿਹਾ ਹੈ। ਇਸ ਕਾਰਨ ਇਸ ਦੇ ਭਾਅ ’ਤੇ ਅਸਰ ਪੈਣ ਦੀ ਸੰਭਾਵਨਾ ਹੈ ਕਿਉਂਕਿ ਬਾਸਮਤੀ ਦੀ ਖ਼ਰੀਦ ਸਰਕਾਰ ਵੱਲੋਂ ਨਹੀਂ ਕੀਤੀ ਜਾਂਦੀ ਸਗੋਂ ਵਪਾਰੀ ਹੀ ਖ਼ਰੀਦਦੇ ਹਨ। ਮੰਡੀ ਵਿੱਚ ਫਸਲ ਲੈ ਕੇ ਪੁੱਜੇ ਪਿੰਡ ਹਰਬੰਸਪੁਰਾ ਦੇ ਕਿਸਾਨ ਚਮਕੌਰ ਸਿੰਘ ਤੇ ਸੁਖਵੀਰ ਸਿੰਘ ਸੰਧੂ ਨੇ ਕਿਹਾ ਕਿ ਇਸ ਵਾਰ ਪ੍ਰਤੀ ਏਕੜ 7 ਤੋਂ 8 ਕੁਇੰਟਲ ਫਸਲ ਦਾ ਝਾੜ ਘੱਟ ਨਿਕਲ ਰਿਹਾ ਹੈ ਅਤੇ ਕੁਆਲਿਟੀ ਚੰਗੀ ਨਾ ਹੋਣ ਕਾਰਨ ਉਨ੍ਹਾਂ ਦਾ ਆਰਥਿਕ ਤੌਰ ’ਤੇ ਨੁਕਸਾਨ ਹੋਵੇਗਾ, ਜਦੋਂ ਕਿ ਪਿਛਲੇ ਸਾਲ 22 ਤੋਂ 25 ਕੁਇੰਟਲ ਦੇ ਕਰੀਬ ਝਾੜ ਨਿਕਲਿਆ ਸੀ। ਉਨ੍ਹਾਂ ਕਿਹਾ ਕਿ ਇਹ ਫਸਲ 90 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਪ੍ਰੰਤੂ ਇਸ ਵਾਰ ਬਾਰਿਸ਼ ਕਾਰਨ ਵਾਢੀ ਸਮੇਂ ਸਿਰ ਨਹੀਂ ਹੋ ਸਕੀ ਜਿਸ ਕਾਰਨ ਉਨ੍ਹਾਂ ਨੂੰ ਨੁਕਸਾਨ ਭੁਗਤਣਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਬਾਸਮਤੀ ਝੋਨਾ ਬੀਜਣ ਵਾਲੇ ਕਿਸਾਨਾਂ ਨੂੰ ਕੇਂਦਰ ਤੇ ਰਾਜ ਸਰਕਾਰ ਬੋਨਸ ਦੇਵੇ।

Advertisement

ਮੰਡੀ ਵਿੱਚ ਖ਼ਰੀਦ ਪ੍ਰਬੰਧ ਮੁਕੰਮਲ: ਸਕੱਤਰ

ਖੰਨਾ: ਮਾਰਕੀਟ ਕਮੇਟੀ ਸਕੱਤਰ ਕਮਲਦੀਪ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ 2 ਹਜ਼ਾਰ ਕੁਇੰਟਲ ਦੇ ਕਰੀਬ ਬਾਸਮਤੀ ਦੀ ਖਰੀਦ ਹੋ ਚੁੱਕੀ ਹੈ ਜਿਸ ਦਾ ਭਾਅ 2700 ਤੋਂ 3250 ਰੁਪਏ ਪ੍ਰਤੀ ਕੁਇੰਟਲ ਲੱਗ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਆਮਦ ਤੇਜ਼ ਹੋਣ ਦੀ ਉਮੀਦ ਹੈ ਅਤੇ ਉਨ੍ਹਾਂ ਵੱਲੋਂ ਮੰਡੀ ਵਿਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

Advertisement
×