ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 1 ਅਕਤੂਬਰ
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਜ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਰਾਜਪੁਰਾ ਦੀ ਅਨਾਜ ਮੰਡੀ ਤੋਂ ਕਰਵਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਕਟਾਰੂਚੱਕ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖਰੀਦ ਕੀਤੇ ਝੋਨੇ ਦੀ 24 ਘੰਟਿਆਂ ਵਿੱਚ ਅਦਾਇਗੀ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫ਼ਸਲ ਨੂੰ ਸਾਂਭਣ ਲਈ ਪੰਜ ਲੱਖ ਗੱਟਿਆਂ ਦੀ ਜ਼ਰੂਰਤ ਹੈ ਤੇ ਸਰਕਾਰ ਕੋਲ ਸਵਾ ਪੰਜ ਲੱਖ ਗੱਟੇ ਪਹੁੰਚ ਚੁੱਕੇ ਹਨ। ਆਰਬੀਆਈ ਵੱਲੋਂ ਅਕਤੂਬਰ ਮਹੀਨੇ ਲਈ 36,999 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਪੰਜਾਬ ਸਰਕਾਰ ਕੋਲ ਆ ਚੁੱਕੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ 1804 ਪੱਕੀਆਂ ਮੰਡੀਆਂ ਤੇ 364 ਆਰਜ਼ੀ ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ ਜਿਥੇ ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਮੁਸ਼ਕਲ ਨੂੰ ਦੂਰ ਕਰਨ ਲਈ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ ਜਿਸ ਵਿੱਚ ਕਿਸਾਨਾਂ ਦੇ ਨੁਮਾਇੰਦੇ, ਆੜ੍ਹਤੀਆਂ ਦੇ ਨੁਮਾਇੰਦੇ ਅਤੇ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਬਾਹਰਲੇ ਸੂਬਿਆਂ ਵਿਚੋਂ ਆਉਣ ਵਾਲੇ ਝੋਨੇ ਉਤੇ ਪੂਰੀ ਤਰ੍ਹਾਂ ਮਨਾਹੀ ਹੈ। ਮਿਲਰਜ਼ ਨੂੰ ਲੈ ਕੇ ਜੋ ਪਾਲਿਸੀ ਬਣੀ ਹੈ ਉਸ ਪਾਲਿਸੀ ਅਨੁਸਾਰ ਬਾਹਰੋਂ ਇੱਕ ਵੀ ਦਾਣਾ ਆਉਣ ਦੀ ਗੁੰਜਾਇਸ਼ ਨਹੀਂ ਹੈ। ਇਸ ਕਰ ਕੇ ਪੰਜਾਬ ਦੇ ਕਿਸਾਨਾਂ ਦਾ ਹੀ ਮੰਡੀਆਂ ਵਿੱਚ ਝੋਨਾ ਖਰੀਦਿਆ ਜਾਵੇਗਾ।
ਪਿੰਡ ਪਿਲਖਣੀ ਦੇ ਗੁਰਪ੍ਰੀਤ ਸਿੰਘ ਨੂੰ ਝੋਨੇ ਦੀ ਪਹਿਲੀ ਅਦਾਇਗੀ ਕੀਤੀ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਆਪ ਸਰਕਾਰ ਦੇ ਕਾਰਜਕਾਲ ’ਚ ਪਹਿਲੀ ਝੋਨੇ ਦੀ ਖਰੀਦ ਅੱਜ ਤੋਂ ਸ਼ਰੂ ਹੋ ਗਈ ਹੈ। ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਪਹੁੰਚ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ‘ਆਪ’ ਸਰਕਾਰ ਨੇ ਝੋਨੇ ਦੀ ਖਰੀਦ ਤੋਂ ਬਾਅਦ ਭੁਗਤਾਨ ਵੀ ਜਲਦ ਕਰਨ ਦਾ ਫ਼ੈਸਲਾ ਕੀਤਾ ਹੈ। ਜ਼ਿਲ੍ਹਾ ਪਟਿਆਲਾ ਦੇ ਪਿੰਡ ਪਿਲਖਣੀ ਦੇ ਕਿਸਾਨ ਗੁਰਪ੍ਰੀਤ ਸਿੰਘ ਨੂੰ ਸਾਉਣੀ ਸੀਜ਼ਨ 2022-23 ਲਈ ਝੋਨੇ ਦੀ ਪਹਿਲੀ ਅਦਾਇਗੀ ਕੀਤੀ ਗਈ ਹੈ। ਗੁਰਪ੍ਰੀਤ ਨੇ ਕਿਹਾ ਕਿ ਝੋਨੇ ਦੀ ਸਰਕਾਰੀ ਖਰੀਦ ਤੋਂ ਬਾਅਦ ਐੱਮਐੱਸਪੀ ਦੀ ਰਕਮ ਉਸ ਦੇ ਖਾਤੇ ’ਚ ਪਹੁੰਚ ਗਈ ਹੈ। ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਪਿਲਖਣੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੇ 103.875 ਕੁਇੰਟਲ ਝੋਨਾ ਲਿਆਂਦਾ ਸੀ, ਜੋ ਖਰੀਦ ਦੇ ਪਹਿਲੇ ਦਿਨ ਹੀ ਖਰੀਦਿਆ ਗਿਆ। ਵਿਭਾਗ ਨੇ ਅੱਜ ਖਰੀਦ ਦੇ ਚਾਰ ਘੰਟਿਆਂ ਦੇ ਅੰਦਰ ਕਿਸਾਨ ਨੂੰ ਸਿੱਧੀ ਅਦਾਇਗੀ ਕਰਦਿਆਂ ਫਸਲ ਦੀ ਬਣਦੀ ਰਕਮ 2.13 ਲੱਖ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ।
ਗੈਰਕਾਨੂੰਨੀ ਖਰੀਦ ਰੋਕਣ ਲਈ ਉਡਣ ਦਸਤੇ ਤਾਇਨਾਤ
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਚ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਖਰੀਦ ਆਰੰਭ ਕਰਵਾਈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਉਤੇ ਨਜ਼ਰ ਰੱਖਣ ਲਈ ਉਡਣ ਦਸਤੇ ਤਾਇਨਾਤ ਕਰ ਦਿੱਤੇ ਹਨ ਅਤੇ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੋਗਸ ਜਾਂ ਗੈਰਕਾਨੂੰਨੀ ਖਰੀਦ ਤੋਂ ਬਚਾਅ ਲਈ ਜ਼ਿਲ੍ਹੇ ਦੀਆਂ ਅੰਤਰਰਾਜੀ ਹੱਦਾਂ ਉਤੇ ਨਾਕੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ।