ਪੁਲੀਸ ਅਫ਼ਸਰ ਦੇ ਖ਼ੁਦਕੁਸ਼ੀ ਮਾਮਲੇ ’ਚ ਸਰਕਾਰ ਜਵਾਬ ਦੇਵੇ: ਸ਼ੈਲਜਾ
ਸਰਕਾਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ; ਪੀੜਤ ਪਰਿਵਾਰ ਨਾਲ ਦੁੱਖ ਵੰਡਾਇਆ
ਕਾਂਗਰਸ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਆਈ ਪੀ ਐੱਸ ਅਫਸਰ ਵਾਈ ਪੂਰਨ ਕੁਮਾਰ ਦੇ ਖ਼ੁਦਕੁਸ਼ੀ ਮਾਮਲੇ ’ਚ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਚਿਤਾਵਨੀਆਂ ਦੇਣ ਦੇ ਬਾਵਜੂਦ ਕਿਸੇ ਨੇ ਉਨ੍ਹਾਂ ਦੀ ਗੱਲ ਕਿਉਂ ਨਹੀਂ ਸੁਣੀ? ਇਸ ਮਾਮਲੇ ਵਿੱਚ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੁੰਦੇ ਹਨ। ਇਸ ਲਈ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹ ਾਂ ਪਰਿਵਾਰ ਨਾਲ ਦੁੱਖ ਵੰਡਾਇਆ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਇੱਕ ਦਿਨ ਵਿਚ ਨਹੀਂ ਹੋਇਆ ਪਰ ਅਫ਼ਸੋਸ ਸਰਕਾਰ ਨੇ ਉਨ੍ਹਾਂ ਦੇ ਮਸਲੇ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਦੀ ਸਮੱਸਿਆ ਹੱਲ ਕਰਨ ਦੀ ਬਜਾਏ, ਉਨ੍ਹਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਗਿਆ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿਹੜੇ ਸੀਨੀਅਰ ਅਧਿਕਾਰੀ ਨੇ ਇਮਾਨਦਾਰੀ ਨਾਲ ਸੇਵਾ ਕੀਤੀ ਉਸ ਨੂੰ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕੀਤਾ ਗਿਆ ਜਿਸ ਕਾਰਨ ਉਸ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ। ਸੰਸਦ ਮੈਂਬਰ ਨੇ ਕਿਹਾ ਕਿ ਪੀੜਤ ਪਰਿਵਾਰ ਨੇ ਸੁਰੱਖਿਆ ਦੀ ਮੰਗ ਕੀਤੀ ਹੈ ਅਤੇ ਐੱਫ ਆਈ ਆਰ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਜਦੋਂ ਪਰਿਵਾਰ ਨੇ ਸਸਕਾਰ ਤੋਂ ਇਨਕਾਰ ਕਰ ਦਿੱਤਾ ਤਾਂ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਹੀ ਪਵੇਗਾ। ਸ਼ੈਲਜਾ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਨਿਆਂ ਅਤੇ ਬਰਾਬਰੀ ਦੇ ਅਧਿਕਾਰ ਦੀ ਗਾਰੰਟੀ ਦਿੰਦਾ ਹੈ, ਪਰ ਭਾਜਪਾ ਸਰਕਾਰ ਦੇ ਰਾਜ ’ਚ ਸਥਿਤੀ ਅਜਿਹੀ ਬਣਾ ਦਿੱਤੀ ਗਈ ਹੈ ਕਿ ਨਿਆਂ ਵਰਗ ਦੇ ਆਧਾਰ ’ਤੇ ਵੰਡਿਆ ਜਾ ਰਿਹਾ ਹੈ।
ਏ ਡੀ ਜੀ ਪੀ ਖ਼ੁਦਕੁਸ਼ੀ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ: ਮਾਨ
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਹਰਿਆਣਾ ’ਚ ਏ ਡੀ ਜੀ ਪੀ ਰੈਂਕ ਦੇ ਅਫਸਰ ਪੂਰਨ ਕੁਮਾਰ ਦੇ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਕਈ ਪੁਲੀਸ ਤੇ ਪ੍ਰਸ਼ਾਸਨਿਕ ਅਫਸਰਾਂ ਦੇ ਨਾਮ ਸਾਹਮਣੇ ਆਏ ਹਨ। ਇਸ ਲਈ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ, ਪੁਲੀਸ ਅਧਿਕਾਰੀ ਨੂੰ ਗ਼ਲਤ ਢੰਗ ਨਾਲ ਮਾਨਸਿਕ ਪੀੜਾ ਦਿੰਦੇ ਸਨ। ਉਨ੍ਹਾਂ ਕਿਹਾ ਕਿ ਪੁਲੀਸ ਅਫ਼ਸਰ ਨੂੰ ਜਾਤੀ ਤੌਰ ’ਤੇ ਪ੍ਰੇਸ਼ਾਨ ਕਰਨਾ ਬਹੁਤ ਅਫ਼ਸੋਸਨਾਕ ਹੈ, ਜਿਸ ਕਾਰਨ ਇਹ ਦੁਖਾਂਤ ਵਾਪਰਿਆ। ਉਨ੍ਹਾਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਮੁਲਜ਼ਮ ਭਾਵੇਂ ਵੱਡੇ ਅਹੁਦਿਆਂ ’ਤੇ ਬੈਠੇ ਹਨ ਪਰ ਉਨ੍ਹਾਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ।