ਹੜ੍ਹ ਪੀੜਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇਵੇ ਸਰਕਾਰ: ਸੁਖਬੀਰ
ਆਤਿਸ਼ ਗੁਪਤਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇਗੀ। ਇਸੇ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਪੀੜਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਖੇਤ ਮਜ਼ਦੂਰਾਂ ਨੂੰ ਵੀ ਮਦਦ ਦਿੱਤੀ ਜਾਵੇ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ 500 ਟਰੱਕ ਮੱਕੀ ਦਾ ਆਚਾਰ ਵੰਡਿਆ ਜਾਵੇਗਾ। ਇਸ ਤੋਂ ਇਲਾਵਾ 500 ਟਰੱਕ ਤੂੜੀ ਦੇ ਭੇਜੇ ਜਾਣਗੇ। ਹੜ੍ਹ ਪ੍ਰਭਾਵਿਤ ਇਲਾਕੇ ਵਿੱਚ 500 ਫੌਗਿੰਗ ਮਸ਼ੀਨਾਂ ਰਾਹੀਂ ਸਪਰੇਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਇੱਕ ਲੱਖ ਏਕੜ ਵਿੱਚ ਕਣਕ ਦੀ ਬਿਜਾਈ ਵਾਸਤੇ ਮਿਆਰੀ ਬੀਜ ਪ੍ਰਦਾਨ ਕੀਤੇ ਜਾਣਗੇ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 30 ਹਜ਼ਾਰ ਕੁਇੰਟਲ ਕਣਕ ਵੀ ਦਿੱਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ 125 ਮੈਡੀਕਲ ਟੀਮਾਂ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ। ਪਸ਼ੂਆਂ ਦੀ ਸੰਭਾਲ ਵਾਸਤੇ 25 ਵੈਟਰਨਰੀ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ-ਰਾਸ਼ਟਰਪਤੀ ਦੀ ਚੋਣ ਦਾ ਬਾਈਕਾਟ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਨੇ ਨੌਂ ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੀ ਉਪ-ਰਾਸ਼ਟਰਪਤੀ ਦੀ ਚੋਣ ਦਾ ਬਾਈਕਾਟ ਕਰ ਦਿੱਤਾ ਹੈ। ਇਹ ਖ਼ੁਲਾਸਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ‘ਐਕਸ’ ਅਕਾਊਂਟ ਰਾਹੀਂ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਨਾਲ ਜੂਝ ਰਿਹਾ ਹੈ। ਅਜਿਹੇ ਹਾਲਾਤ ਵਿੱਚ ਸੂਬਾ ਤੇ ਕੇਂਦਰ ਸਰਕਾਰ ਪੰਜਾਬੀਆਂ ਦੀ ਮਦਦ ਕਰਨ ਵਿੱਚ ਅਸਫਲ ਰਹੀਆਂ ਹਨ ਜਦੋਂਕਿ ਪੰਜਾਬ ਦੇ ਨੌਜਵਾਨ ਮੋਹਰੀ ਭੂਮਿਕਾ ਅਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦਾ ਇੱਕ ਤਿਹਾਈ ਹਿੱਸਾ ਡੁੱਬਿਆ ਹੋਇਆ ਹੈ ਤਾਂ ਦੂਜੇ ਪਾਸੇ ਦੇਸ਼ ਦੇ ਉਪ-ਰਾਸ਼ਟਰਪਤੀ ਦੀ ਚੋਣ ਕੀਤੀ ਜਾ ਰਹੀ ਹੈ। ਪੰਜਾਬ ਦੇ ਹਾਲਾਤ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਉਪ-ਰਾਸ਼ਟਰਪਤੀ ਦੀ ਚੋਣ ਵਿੱਚ ਹਿੱਸਾ ਨਹੀਂ ਲਵੇਗਾ।