ਪੱਤਰ ਪ੍ਰੇਰਕ
ਫਗਵਾੜਾ, 16 ਅਗਸਤ
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਪ੍ਰਾਈਵੇਟ ਮਿੱਲਾਂ ਵੱਲ ਪਏ 72 ਕਰੋੜ ਦਾ ਭੁਗਤਾਨ ਖ਼ੁਦ ਕਰ ਕੇ ਕਿਸਾਨਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣਾ ਚਾਹੀਦਾ ਹੈ। ਅੱਜ ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾਂਦੇ ਸਮੇਂ ਹੁਸ਼ਿਆਰਪੁਰ ਬਾਈਪਾਸ ਚੌਕ ਵਿੱਚ ਅਕਾਲੀ ਵਰਕਰਾਂ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਸਮਾਗਮ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ 2015 ਵਿੱਚ ਵੀ ਕਿਸਾਨਾਂ ਨੂੰ ਅਜਿਹੀ ਸਮੱਸਿਆ ਆਈ ਸੀ ਉਸ ਸਮੇਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਬਾਦਲ ਨੇ 309 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਸਨ। ਉਨ੍ਹਾਂ ਕਿਹਾ ਕਿ ਕਈ ਦਿਨਾਂ ਤੋਂ ਕਿਸਾਨ ਸੜਕਾਂ ’ਤੇ ਰੁਲ ਰਹੇ ਹਨ ਪਰ ਸਰਕਾਰ ਨੂੰ ਉਨ੍ਹਾਂ ’ਤੇ ਤਰਸ ਨਹੀਂ ਆ ਰਿਹਾ।
ਉਨ੍ਹਾਂ ਦੀ ਰਿਹਾਈ ’ਤੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੇਸ ਵਿਚ ਸੱਚਾਈ ਦੀ ਜਿੱਤ ਹੋਈ ਹੈ।