ਪੱਤਰ ਪ੍ਰੇਰਕ
ਚੰਡੀਗੜ੍ਹ, 27 ਫ਼ਰਵਰੀ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਾਮਰਾਜੀ ਦੇਸ਼ਾਂ ਵੱਲੋਂ ਆਪਣੇ ਹਿੱਤਾਂ ਲਈ ਯੂਕਰੇਨ ਨੂੰ ਜੰਗ ਦਾ ਮੈਦਾਨ ਬਣਾਏ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਜੰਗ ਦੇ ਛਿੜਨ ਨਾਲ ਵਿਸ਼ਵ ਸ਼ਾਂਤੀ ਨੂੰ ਖਤਰਾ ਖੜ੍ਹਾ ਹੋ ਗਿਆ ਹੈ। ਆਗੂਆਂ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਉਹ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਅਤੇ ਹੋਰਾਂ ਲੋਕਾਂ ਨੂੰ ਸਹੀ ਸਲਾਮਤ ਵਤਨ ਲਿਆਉਣ ਦੀ ਜ਼ਿੰਮੇਵਾਰੀ ਲਵੇ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਲੋਕਾਂ ਨੂੰ ਰੁਜ਼ਗਾਰ ਅਤੇ ਸਿੱਖਿਆ ਹਾਸਲ ਕਰਨ ਲਈ ਵਿਦੇਸ਼ਾਂ ਵਿੱਚ ਰੁਲਣਾ ਪੈ ਰਿਹਾ ਹੈ, ਉੱਥੇ ਹੀ ਹੁਣ ਦੋ ਸਾਮਰਾਜੀ ਦੇਸ਼ਾਂ ਦੇ ਭੇੜ ਵਿੱਚ ਯੂਕਰੇਨ ਵਿੱਚ ਫਸੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਅਜਿਹੀ ਹਾਲਤ ਵਿੱਚ ਸਰਕਾਰ ਨੂੰ ਭਾਰਤੀਆਂ ਨੂੰ ਉੱਥੋਂ ਸੁਰੱਖਿਅਤ ਕੱਢਣ ਦੀ ਜ਼ਿੰਮੇਵਾਰੀ ਲੈਂਦਿਆਂ ਅੱਗੇ ਆਉਣਾ ਚਾਹੀਦਾ ਹੈ।