ਸਰਕਾਰ ਵੱਲੋਂ ਅਨੰਨਿਆ ਬਿਰਲਾ ਫਾਊਂਡੇਸ਼ਨ ਨਾਲ ਸਮਝੌਤਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੂਨ
ਪੰਜਾਬ ਸਰਕਾਰ ਨੇ ਅੱਜ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਿਆਂ ਵਿਰੁੱਧ ਜੰਗ ’ਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਡੇਟਾ ਇੰਟੈਲੀਜੈਂਸ ਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਡਾ. ਬੀਆਰ ਅੰਬੇਡਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਮੁਹਾਲੀ ਤੇ ਵਿਦਿਆਸਾਗਰ ਇੰਸਟੀਚਿਊਟ ਆਫ ਮੈਂਟਲ ਹੈਲਥ ਅੰਮ੍ਰਿਤਸਰ ਵੱਲੋਂ ਅਨੰਨਿਆ ਬਿਰਲਾ ਫਾਊਂਡੇਸ਼ਨ ਨਾਲ ਸਮਝੌਤਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਦੀ ਇਹ ਵਿਲੱਖਣ ਪਹਿਲ ਸੂਬੇ ਵਿੱਚ ਨਸ਼ਿਆਂ ਨਾਲ ਨਜਿੱਠਣ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਸਪਲਾਈ ਚੇਨ ਤੋੜਨ ਅਤੇ ਨੌਜਵਾਨਾਂ ਨੂੂੰ ਨਸ਼ਿਆਂ ਦੇ ਦਲ-ਦਲ ਵਿੱਚੋਂ ਬਾਹਰ ਕੱਢਣ ਦੇ ਯਤਨ ਕੀਤੇ ਹਨ। ਜਦੋਂ ਕਿ ਦੂਜੇ ਪੜਾਅ ਵਿੱਚ ਡੇਟਾ ਇੰਟੈਲੀਜੈਂਸ ਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਕੇ ਮਨੋ-ਸਮਾਜਿਕ ਦੇਖਭਾਲ ਦਾ ਇੱਕ ਵਿਆਪਕ ਮਾਡਲ ਲਾਗੂ ਕੀਤਾ ਜਾ ਰਿਹਾ ਹੈ। ਇਹ ਯੂਨਿਟ ਮੈਡੀਕਲ ਅਫ਼ਸਰਾਂ, ਮਨੋਵਿਗਿਆਨੀਆਂ, ਪੁਲੀਸ ਮੁਲਾਜ਼ਮਾਂ ਅਤੇ ਸਿਹਤ ਕਰਮਚਾਰੀਆਂ ਦੀ ਸਮਰੱਥਾ ਵਧਾ ਕੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਤਕਨੀਕੀ ਤੌਰ ’ਤੇ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯੂਨਿਟ ਐਂਟੀ-ਨਾਰਕੋਟਿਕਸ ਟਾਸਕ ਫੋਰਸ, ਪੰਜਾਬ ਪੁਲੀਸ, ਸਿਹਤ ਵਿਭਾਗ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਨਾਲ-ਨਾਲ ਮਾਨਸਿਕ ਸਿਹਤ, ਮੁੜ ਵਸੇਬੇ ਅਤੇ ਡੇਟਾ ਸਾਇੰਸ ਨਾਲ ਸਬੰਧਤ ਸੰਗਠਨਾਂ ਅਤੇ ਅਕਾਦਮਿਕ ਸੰਸਥਾਵਾਂ ਨਾਲ ਮਿਲ ਕੇ ਕੰਮ ਕਰੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਅਨੰਨਿਆ ਬਿਰਲਾ ਫਾਊਂਡੇਸ਼ਨ ਦੀ ਸੰਸਥਾਪਕ ਅਨੰਨਿਆ ਬਿਰਲਾ ਵੱਲੋਂ ਸੂਬਾ ਸਰਕਾਰ ਨਾਲ ਹੱਥ ਮਿਲਾ ਕੇ ਨੇਕ ਕੰਨ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ।