ਸਰਕਾਰ ਨੇ ਵਾਹ-ਵਾਹ ਲਈ ਧਾਰਮਿਕ ਸਮਾਗਮਾਂ ’ਤੇ ਕਰੋੜਾਂ ਖਰਚੇ: ਖਹਿਰਾ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਦੇ ਦਿੱਤੇ ਸਿਧਾਂਤਾਂ ਦੇ ਉਲਟ ਕੰਮ ਕਰ ਰਹੀ ਹੈ ਅਤੇ ਵਿਰੋਧੀ ਆਵਾਜ਼ਾਂ ਨੂੰ ਸੁਣਨ ਦੀ ਬਜਾਏ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ...
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਦੇ ਦਿੱਤੇ ਸਿਧਾਂਤਾਂ ਦੇ ਉਲਟ ਕੰਮ ਕਰ ਰਹੀ ਹੈ ਅਤੇ ਵਿਰੋਧੀ ਆਵਾਜ਼ਾਂ ਨੂੰ ਸੁਣਨ ਦੀ ਬਜਾਏ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੱਤਾਧਾਰੀ ਪਾਰਟੀ ਦੇ ਨੇਤਾਵਾਂ ਨੂੰ ਬੋਲਣ ਦੇ ਮੌਕੇ ਮਿਲੇ ਜਦਕਿ ਵਿਰੋਧੀਆਂ ਨੂੰ ਬਹੁਤ ਘੱਟ ਸਮਾਂ ਦਿੱਤਾ ਗਿਆ, ਜੋ ਕਿ ਜਮਹੂਰੀ ਰਵਾਇਤਾਂ ਦੇ ਖ਼ਿਲਾਫ਼ ਹੈ।
ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਤੇ ਵਿਸ਼ੇਸ਼ ਸੈਸ਼ਨ ਲਈ ਸਰਕਾਰ ਨੇ ਕਰੋੜਾਂ ਰੁਪਏ ਖਰਚ ਕੀਤੇ, ਜਦਕਿ ਧਾਰਮਿਕ ਸਮਾਗਮ ਕਰਵਾਉਣਾ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਖਾਸ ਅਧਿਕਾਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਇਹ ਕਾਰਜ ਕੇਵਲ ਆਪਣੀ ਵਾਹ-ਵਾਹ ਤੇ ਸਿਆਸੀ ਲਾਹੇ ਲਈ ਕੀਤਾ ਹੈ।
ਖਹਿਰਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦਾ ਸੰਦੇਸ਼ ਮਨੁੱਖਤਾ, ਸੱਚ ਅਤੇ ਨਿਆਂ ਦਾ ਹੈ ਪਰ ਮੌਜੂਦਾ ਸਰਕਾਰ ਦੇ ਰਾਜ ਵਿੱਚ ਨਿਰਦੋਸ਼ ਲੋਕਾਂ ’ਤੇ ਝੂਠੇ ਕੇਸ ਦਰਜ ਹੋ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਨੇ ਬੰਦੀ ਸਿੰਘਾਂ ਦੇ ਮੁੱਦੇ ’ਤੇ ਕਿਹਾ ਕਿ ਕਾਫ਼ੀ ਸਮੇਂ ਤੋਂ ਸਿੱਖ ਜਥੇਬੰਦੀਆਂ ਉਨ੍ਹਾਂ ਦੀ ਰਿਹਾਈ ਦੀ ਮੰਗ ਕਰ ਰਹੀਆਂ ਹਨ, ਪਰ ਇਸ ਸੈਸ਼ਨ ਦੌਰਾਨ ਵੀ ਰਿਹਾਈ ਸਬੰਧੀ ਕੋਈ ਮਤਾ ਪਾਸ ਨਾ ਕਰਨਾ ਬਹੁਤ ਅਫ਼ਸੋਸਜਨਕ ਤੇ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਮੌਕੇ ’ਤੇ ਇਹ ਮੁੱਦਾ ਉਠਾਇਆ ਜਾਣਾ ਬਹੁਤ ਜ਼ਰੂਰੀ ਸੀ।

