350ਵੇਂ ਸ਼ਹੀਦੀ ਦਿਵਸ ’ਤੇ ਵਿਸ਼ੇਸ਼ ਸੈਸ਼ਨ ਬੁਲਾਏਗੀ ਸਰਕਾਰ
ਆਤਿਸ਼ ਗੁਪਤਾ
ਚੰਡੀਗੜ੍ਹ, 1 ਜੂਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਅਤੇ ਆਧੁਨਿਕ ਢੰਗ ਨਾਲ ਵਿਸ਼ਵ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨੂੰ ਆਲਮੀ ਪੱਧਰ ’ਤੇ ਯਾਦਗਾਰੀ ਬਣਾਉਣ ਲਈ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਕੁਰਬਾਨੀਆਂ ਅਤੇ ਸਿਧਾਂਤਾਂ ਦੇ ਨਾਲ-ਨਾਲ ਵਿਰਾਸਤੀ ਸੰਭਾਲ ਦੀ ਮਹੱਤਤਾ ’ਤੇ ਡੂੰਘਾਈ ਨਾਲ ਚਰਚਾ ਕੀਤੀ ਜਾਵੇਗੀ। ਸ੍ਰੀ ਸੰਧਵਾਂ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਸਬੰਧੀ ਉਹ ਖੁਦ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰਨਗੇ ਅਤੇ ਇਨ੍ਹਾਂ ਸਮਾਗਮਾਂ ਨੂੰ ਹੋਰ ਧੂਮ-ਧਾਮ ਨਾਲ ਮਨਾਉਣ ਲਈ ਸੁਝਾਅ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਇਤਿਹਾਸਕ ਮੌਕਿਆਂ ਨੂੰ ਆਧੁਨਿਕ ਸਾਧਨਾਂ, ਤਕਨਾਲੋਜੀ ਅਤੇ ਗਲੋਬਲ ਪਲੇਟਫਾਰਮਾਂ ਦੀ ਵਰਤੋਂ ਕਰਕੇ ਮਨਾਇਆ ਜਾਵੇਗਾ ਤਾਂ ਜੋ ਗੁਰੂਆਂ ਦੀ ਵਿਰਾਸਤ ਪੰਜਾਬ ਅਤੇ ਭਾਰਤ ਤੋਂ ਵੀ ਅਗਾਂਹ, ਦੁਨੀਆ ਦੇ ਹਰ ਕੋਨੇ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਸੰਗਤ, ਧਾਰਮਿਕ ਸੰਸਥਾਵਾਂ ਅਤੇ ਨਾਗਰਿਕਾਂ ਤੋਂ ਸੁਝਾਅ ਮੰਗਣ ਲਈ ਇੱਕ ਵਟਸਐਪ ਨੰਬਰ, ਈਮੇਲ ਆਈਡੀ ਅਤੇ ਅਧਿਕਾਰਤ ਵੈੱਬਸਾਈਟ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ ਅਤੇ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤੀ ਜਾ ਚੁੱਕੀ ਹੈ। ਇਹ ਜਸ਼ਨ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਲੋਕਾਂ ਦੀ ਇੱਛਾ ਤੇ ਸ਼ਮੂਲੀਅਤ ਨਾਲ ਬੜੀ ਸੁਹਿਰਦਤਾ ਨਾਲ ਮਨਾਏ ਜਾਣਗੇ।
ਸੰਧਵਾਂ ਵੱਲੋਂ ਪਟਿਆਲਾ ਤੋਂ ਸੁਝਾਅ ਲੈਣ ਦੀ ਸ਼ੁਰੂਆਤ
ਪਟਿਆਲਾ (ਖੇਤਰੀ ਪ੍ਰਤੀਨਿਧ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ 450ਵੀਂ ਸਥਾਪਨਾ ਸ਼ਤਾਬਦੀ ਮਨਾਉਣ ਸਬੰਧੀ ਸੰਗਤ ਦੇ ਸੁਝਾਅ ਲੈਣ ਦੀ ਮੁਹਿੰਮ ਦੀ ਸ਼ੁਰੂਆਤ ਅੱਜ ਇਥੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ। ਇਸ ਦੌਰਾਨ ਉਨ੍ਹਾਂ ਸਿੱਖ ਵਿਦਵਾਨਾਂ ਅਤੇ ਸੰਗਤ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ। ਇਸ ਮੌਕੇ ਉੱਘੇ ਸਿੱਖ ਵਿਦਵਾਨ ਪ੍ਰੋ. ਪਰਮਵੀਰ ਸਿੰਘ ਨੇ ਸਪੀਕਰ ਸੰਧਵਾਂ ਨੂੰ ਆਪਣੀਆਂ ਤਿੰਨ ਪੁਸਤਕਾਂ ਭੇਟ ਕਰਦਿਆਂ ਇਨ੍ਹਾਂ ਸ਼ਤਾਬਦੀਆਂ ਸਬੰਧੀ ਸਮਾਗਮਾਂ ਬਾਬਤ ਸੁਝਾਅ ਦਿੱਤੇ। ਗੁਰਮਤਿ ਕਾਲਜ ਦੇ ਸਹਾਇਕ ਪ੍ਰੋਫੈਸਰ ਡਾ. ਹਰਜੀਤ ਸਿੰਘ ਨੇ ਵੀ ਸੁਝਾਅ ਪੇਸ਼ ਦਿੱਤੇ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਤੇ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ।