ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਮੁਹਿੰਮ ਚਲਾਏਗੀ
ਪੰਜਾਬ ਸਰਕਾਰ ਨੇ ਅਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਸਾਰੇ ਪਿੰਡਾਂ ਤੇ ਬਲਾਕਾਂ ਤੇ ਸ਼ਹਿਰਾਂ ਤੱਕ ਪਹੁੰਚ...
ਪੰਜਾਬ ਸਰਕਾਰ ਨੇ ਅਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਸਾਰੇ ਪਿੰਡਾਂ ਤੇ ਬਲਾਕਾਂ ਤੇ ਸ਼ਹਿਰਾਂ ਤੱਕ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾਵੇਗਾ। ਸੂਬਾ ਸਰਕਾਰ ਵੱਲੋਂ ਜਾਗਰੂਕਤਾ ਮੁਹਿੰਮ ਵਿੱਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਸਮਾਜ ਸੇਵਕਾਂ ਦੀ ਮਦਦ ਲਈ ਜਾਵੇਗੀ ਅਤੇ ਸੋਸ਼ਲ ਮੀਡੀਆ ’ਤੇ ਵੀ ਮੁਹਿੰਮ ਚਲਾਈ ਜਾਵੇਗੀ। ਸੂਬੇ ਵਿੱਚ ਚਲਾਈ ਜਾਣ ਵਾਲੀ ਜਾਗਰੂਕਤਾ ਮੁਹਿੰਮ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਅਗਲੀ ਰੂਪ-ਰੇਖਾ ਤਿਆਰ ਕੀਤੀ।
ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਪੰਜਾਬ ’ਚ ਲਗਪਗ 30 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਲੁਆਈ ਕੀਤੀ ਗਈ ਹੈ, ਜਿਸ ਤੋਂ 18.81 ਮਿਲੀਅਨ ਟਨ ਪਰਾਲੀ ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 2023 ਤੋਂ 2025 ਤੱਕ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 86 ਫੀਸਦੀ ਕਮੀ ਆਈ ਹੈ। ਇਹ ਘਟਨਾਵਾਂ 2023 ਵਿੱਚ 36,663 ਤੋਂ ਘਟ ਕੇ 2024 ਵਿੱਚ 10,909 ਅਤੇ 2025 ਵਿੱਚ ਹੋਰ ਘਟ ਕੇ 5,114 ਰਹਿ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਅਤੇ ਬਲਾਕ ਪੱਧਰ ’ਤੇ ਵਿਸ਼ਾਲ ਸੂਚਨਾ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ। ਹਰ ਹਿੱਸੇਦਾਰ ਨੂੰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਟਿਕਾਊ ਬਦਲ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਗੈਰ-ਸਰਕਾਰੀ ਸੰਗਠਨਾਂ (ਐਨ ਜੀ ਓਜ਼) ਅਤੇ ਸਮਾਜ ਸੇਵਕਾਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਸ਼ਾਮਲ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਗੈਰ-ਸਰਕਾਰੀ ਸੰਗਠਨਾਂ ਅਤੇ ਸਮਾਜ ਸੇਵਕਾਂ ਨੂੰ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਨਾਲ ਜੋੜਿਆ ਜਾਵੇ। ਮਸ਼ੀਨਰੀ ਦੇ ਪ੍ਰਦਰਸ਼ਨ, ਨੁੱਕੜ ਨਾਟਕ, ਸਰਪੰਚਾਂ ਨਾਲ ਮੀਟਿੰਗਾਂ, ਸਹੁੰ ਚੁੱਕ ਸਮਾਗਮ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ ਵਿਆਪਕ ਪੱਧਰ ’ਤੇ ਕਰਵਾਏ ਜਾਣ ਤਾਂ ਜੋ ਇਹ ਸੁਨੇਹਾ ਜ਼ਮੀਨੀ ਪੱਧਰ ਤੱਕ ਕਿਸਾਨਾਂ ਤੱਕ ਪਹੁੰਚ ਸਕੇ।
ਮੁੱਖ ਮੰਤਰੀ ਨੇ ਪਰਾਲੀ ਦੇ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਪ੍ਰਬੰਧਨ ਦੋਵਾਂ ਤਰੀਕਿਆਂ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਲਾਭ ਮਿਲ ਸਕੇ ਅਤੇ ਵਾਤਾਵਰਨ ਦੀ ਵੀ ਸੁਰੱਖਿਆ ਹੋ ਸਕੇ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸਾਇੰਸ ਅਤੇ ਤਕਨਾਲੋਜੀ ਵਿਭਾਗ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੱਤਰ ਖੇਤੀਬਾੜੀ ਵਿਭਾਗ ਅਰਸਦੀਪ ਸਿੰਘ ਥਿੰਦ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

