ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੁਲਾਈ
ਸਰਕਾਰ 75ਵੇਂ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸ਼ੁਰੂ ਕਰਨ ਜਾ ਰਹੀ ਹੈ। ਇਸ ਨਾਲ ਆਮ ਲੋਕਾਂ ਨੂੰ ਚੰਗਾ ਅਤੇ ਮੁਫ਼ਤ ਇਲਾਜ ਮਿਲੇਗਾ ਤੇ ਸਰਕਾਰੀ ਹਸਪਤਾਲਾਂ ਤੋਂ ਬੋਝ ਘਟੇਗਾ। ਇਸ ਗੱਲ ਦਾ ਪ੍ਰਗਟਾਵਾ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਚੰਡੀਗੜ੍ਹ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਸੂਬੇ ਵਿੱਚ 109 ਮੁਹੱਲਾ ਕਲੀਨਿਕ ਸਥਾਪਤ ਕੀਤੇ ਜਾਣਗੇ ਤਾਂ ਜੋ ਸੂਬੇ ਵਿੱਚ ਕੋਈ ਵੀ ਵਿਅਕਤੀ ਕਿਸੇ ਕਾਰਨਾਂ ਕਰਕੇ ਮੁੱਢਲੀਆਂ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹੇ।