ਪਰਮਜੀਤ ਸਿੰਘ ਕੁਠਾਲਾ
ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਵਿਰਾਸਤ, ਸੱਭਿਆਚਾਰ ਅਤੇ ਸੈਰ-ਸਪਾਟਾ ਖੇਤਰ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਲੇਰਕੋਟਲਾ ਵਿੱਚ 11 ਤੋਂ 13 ਦਸੰਬਰ ਤੱਕ ਦੂਜਾ ‘ਸੂਫ਼ੀ ਫੈਸਟੀਵਲ’ ਕਰਵਾਇਆ ਜਾ ਰਿਹਾ ਹੈ। ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ਹੋਣ ਵਾਲੇ ਇਸ ਸਮਾਗਮ ਦੇ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਅਗੇਤੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਸਬੰਧੀ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਮੀਟਿੰਗ ਕੀਤੀ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ ਸੀ ਨੇ ਦੱਸਿਆ ਕਿ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇਸ ਸੂਫ਼ੀ ਫੈਸਟੀਵਲ ਵਿੱਚ ਮਾਲੇਰਕੋਟਲਾ ਦੀ ਸੱਭਿਆਚਾਰਕ ਵਿਰਾਸਤ ਦਾ ਹਰ ਪਹਿਲੂ ਰੂਬਰੂ ਕਰਵਾਇਆ ਜਾਵੇਗਾ।
ਫੈਸਟੀਵਲ ਦੌਰਾਨ ਨਾਮਵਰ ਕਲਾਕਾਰਾਂ ਦੇ ਨਾਲ-ਨਾਲ ਮਾਲੇਰਕੋਟਲਾ ਦੇ ਸਥਾਨਕ ਫ਼ਨਕਾਰਾਂ ਨੂੰ ਵੀ ਆਪਣੀ ਕਲਾ ਦਾ ਪ੍ਰਗਟਾਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫੈਸਟੀਵਲ ਮੌਕੇ ਸਥਾਨਕ ਰਵਾਇਤੀ ਖਾਣਿਆਂ ਦੇ ਸਟਾਲ ਲਗਾਏ ਜਾਣਗੇ ਤਾਂ ਜੋ ਸੈਲਾਨੀ ਵਿਸ਼ਵ ਭਰ ਵਿੱਚ ਪ੍ਰਸਿੱਧ ਮਾਲੇਰਕੋਟਲਾ ਦੇ ਜ਼ਾਇਕੇਦਾਰ ਖਾਣਿਆਂ ਦਾ ਅਨੰਦ ਮਾਣ ਸਕਣ। ਇਸ ਮੀਟਿੰਗ ਵਿੱਚ ਏ ਡੀ ਸੀ ਸੁਖਪ੍ਰੀਤ ਸਿੰਘ ਸਿੱਧੂ, ਏ ਡੀ ਸੀ ਵਿਕਾਸ ਰਿੰਪੀ ਗਰਗ, ਐੱਸ ਡੀ ਐੱਮ ਗੁਰਮੀਤ ਕੁਮਾਰ ਬਾਂਸਲ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਮੌਜੂਦ ਸਨ।

