ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੁਲਾਈ
ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਆਖਿਆ ਕਿ ਪੰਜਾਬ ਸਰਕਾਰ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਦਬਾਅ ਹੇਠ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ 11 ਜੁਲਾਈ ਨੂੰ ਹੜਤਾਲ ਕਰਨ ਦਾ ਦਿੱਤਾ ਗਿਆ ਸੱਦਾ ਗ਼ੈਰਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਆਪਣੇ ਮੁਫਾਦ ਲਈ ਦਬਾਅ ਬਣਾਉਣ ਵਾਸਤੇ ਸਰਕਾਰੀ ਕੰਮ ਵਿੱਚ ਰੁਕਾਵਟ ਖੜ੍ਹੀ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਵੱਡੀ ਗਿਣਤੀ ਮੁਲਾਜ਼ਮ ਅਜਿਹੀਆਂ ਦਬਾਅ ਬਣਾਉਣ ਵਾਲੀਆਂ ਕਾਰਵਾਈਆਂ ਨੂੰ ਪ੍ਰਵਾਨ ਨਹੀਂ ਕਰਦੇ ਤੇ ਸੂਬਾ ਸਰਕਾਰ ਸਾਰੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ੍ਰੀ ਜਿੰਪਾ ਨੇ ਕਿਹਾ ਕਿ ਗ਼ੈਰਕਾਨੂੰਨੀ/ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟਾਂ ਦੀ ਕੋਈ ਰਜਿਸਟਰੇਸ਼ਨ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਆਨਲਾਈਨ ਪੋਰਟਲ grcs.punjab.gov.in ਸ਼ੁਰੂ ਕੀਤਾ ਗਿਆ ਹੈ, ਜਿੱਥੇ ਪਲਾਟਾਂ ਦੇ ਕਬਜ਼ੇ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਸਕਦੀਆਂ ਹਨ।