ਲਾਵਾਰਸ ਪਸ਼ੂਆਂ ਦੇ ਮਾਮਲੇ ’ਚ ਰਣਨੀਤੀ ਤਿਆਰ ਕਰੇਗੀ ਸਰਕਾਰ: ਰਵਜੋਤ ਸਿੰਘ
ਆਤਿਸ਼ ਗੁਪਤਾ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ‘ਧਿਆਨ ਦਿਵਾਊ ਮਤੇ’ ਉੱਤੇ ਜਵਾਬ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਲਾਵਾਰਸ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਲਈ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਚਰਚਾ ਕੀਤੀ ਜਾਵੇਗੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਜਾਨਵਰਾਂ ਖ਼ਿਲਾਫ਼ ਬੇਰਹਿਮੀ ਬਾਰੇ ਰੋਕਥਾਮ ਐਕਟ ਦੇ ਸੋਧ ਬਿੱਲ ’ਤੇ ਬਹਿਸ ਦੌਰਾਨ ਇਸ ਮੁੱਦੇ ਸਬੰਧੀ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਸੀ।
ਡਾ. ਰਵਜੋਤ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਲਾਵਾਰਸ ਪਸ਼ੂਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਇਸ ਕਾਰਨ ਅਕਸਰ ਸੜਕ ਹਾਦਸੇ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ 20ਵੀਂ ਪਸ਼ੂ ਗਣਨਾ ਅਨੁਸਾਰ ਸੂਬੇ ਵਿੱਚ 1.4 ਲੱਖ ਲਾਵਾਰਸ ਪਸ਼ੂ ਹਨ ਜਦੋਂ ਕਿ ਹਾਲ ਹੀ ਵਿੱਚ ਹੋਈ ਗਣਨਾ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਦੋ ਲੱਖ ਤੋਂ ਵੱਧ ਲਾਵਾਰਸ ਪਸ਼ੂ 518 ਰਜਿਸਟਰਡ ਗਊਸ਼ਾਲਾਵਾਂ ਵਿੱਚ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸਾਲ 2020 ਵਿੱਚ ਪੰਜਾਬ ਵਿੱਚ ਕੁੱਲ 417 ਗਊਸ਼ਾਲਾਵਾਂ ਸਨ, ਪਰ ਹੁਣ 518 ਹੋ ਗਈਆਂ ਹਨ। ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ‘ਪੰਜਾਬ ਮੁਆਵਜ਼ਾ ਟੂ ਵਿਕਟਿਮਜ਼ ਆਫ ਐਨੀਮਲ ਅਟੈਕ ਐਂਡ ਐਕਸੀਡੈਂਟਸ ਪਾਲਸੀ-2023’ ਲਾਗੂ ਕੀਤੀ ਗਈ ਹੈ। ਇਸ ਅਨੁਸਾਰ ਲਾਵਾਰਸ ਪਸ਼ੂਆਂ ਦੇ ਹਮਲਿਆਂ ਕਾਰਨ ਮਾਰੇ ਜਾਣ ਵਾਲੇ ਜਾਂ ਸਥਾਈ ਅਪੰਗਤਾ ਦਾ ਸ਼ਿਕਾਰ ਹੋਣ ਵਾਲਿਆਂ ਪਰਿਵਾਰਾਂ ਨੂੰ ਵਿੱਤੀ ਰਾਹਤ ਪ੍ਰਦਾਨ ਕੀਤੀ ਜਾਂਦੀ ਹੈ। ਇਸ ਲਈ ਡੀਸੀ ਦੀ ਅਗਵਾਈ ਹੇਠ ਕਮੇਟੀ ਬਣਾਈ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਆਪਣੀ ਹਦੂਦ ਅੰਦਰ ਘੁੰਮ ਰਹੇ ਲਾਵਾਰਸ ਪਸ਼ੂਆਂ ਨੂੰ ਸੁਰੱਖਿਅਤ ਢੰਗ ਨਾਲ ਸਰਕਾਰੀ ਤੇ ਨਿੱਜੀ ਗਊਸ਼ਾਲਾਵਾਂ ਵਿੱਚ ਛੱਡਿਆ ਜਾਂਦਾ ਹੈ। ਇਸ ਦੇ ਨਾਲ ਹੀ ਗਊ ਸੈੱਸ ਫੰਡਾਂ ਤੇ ਯੂਐੱਲਬੀ ਦੇ ਸਰੋਤਾਂ ਦੀ ਉਪਲਬਧਤਾ ਦੇ ਆਧਾਰ ’ਤੇ ਗਊਸ਼ਾਲਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਯੂਐੱਲਬੀ ਨੂੰ ਲਾਵਾਰਸ ਪਸ਼ੂਆਂ ਦੀ ਆਬਾਦੀ ਨੂੰ ਕੰਟਰੋਲ ਕਰਨ ਲਈ ਉਪਰਾਲੇ ਕਰਨ ਵਾਸਤੇ ਨਿਰਦੇਸ਼ ਦਿੱਤੇ ਜਾ ਰਹੇ ਹਨ।
ਸੰਦੋਆ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
ਚੰਡੀਗੜ੍ਹ (ਟਨਸ): ਪੰਜਾਬ ਦੇ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਪੁਲੀਸ ਨੇ ਸੰਦੋਆ ਨੂੰ ਸਾਥੀਆਂ ਸਣੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲੀਸ ਸ੍ਰੀ ਸੰਦੋਆ ਨੂੰ ਥਾਣਾ ਸੈਕਟਰ-3 ਵਿੱਚ ਲੈ ਗਈ ਜਿੱਥੋਂ ਸ਼ਾਮ ਚਾਰ ਵਜੇ ਦੇ ਕਰੀਬ ਛੱਡਿਆ ਗਿਆ ਹੈ। ਅੱਜ ਸਵੇਰੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਘੰਟਾ ਪਹਿਲਾਂ ਹੀ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦਰਜਨ ਦੇ ਕਰੀਬ ਲੋਕਾਂ ਨੂੰ ਨਾਲ ਲੈ ਕੇ ਵਿਧਾਨ ਸਭਾ ਦੇ ਬਾਹਰ ਪਹੁੰਚ ਗਏ ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸ੍ਰੀ ਸੰਦੋਆ ਨੇ ਰੂਪਨਗਰ ਵਿੱਚ ਵੱਡੇ ਪੱਧਰ ’ਤੇ ਨਾਜਾਇਜ਼ ਖਣਨ ਦੇ ਦੋਸ਼ ਲਗਾਏ।
ਪੰਜਾਬ ਵਿਧਾਨ ਸਭਾ ਵੱਲੋਂ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਟ
ਪੰਜਾਬ ਵਿਧਾਨ ਸਭਾ ਵੱਲੋਂ ਵਿਸ਼ੇਸ਼ ਇਜਲਾਸ ਦੌਰਾਨ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਇਸ ਲਈ ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਮਤੇ ’ਤੇ ਪੰਜਾਬ ਵਿਧਾਨ ਸਭਾ ਨੇ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ’ਤੇ ਸ਼ਰਧਾਂਜਲੀ ਭੇਂਟ ਕੀਤੀ। ਡਾ. ਰਵਜੋਤ ਸਿੰਘ ਨੇ ਸੜਕ ਦੁਰਘਟਨਾ ’ਚ 114 ਸਾਲਾ ਫੌਜਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ।