ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਅਕਤੂਬਰ
ਕੇਂਦਰ ਸਰਕਾਰ ਦੇ ਫ਼ੈਸਲਿਆਂ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਦਲਾਖੋਰੀ ਦੀ ਭਾਵਨਾ ਨਾਲ ਚੁੱਕਿਆ ਨਾਦਰਸ਼ਾਹੀ ਕਦਮ ਕਰਾਰ ਦਿੱਤਾ ਹੈ। ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਅੰਨ ਦੀ ਪੂਰਤੀ ਲਈ ਪੰਜਾਬ ਕੋਲੋਂ ਇੱਕ ਬਲਦ ਵਾਂਗ ਕੰਮ ਲੈ ਕੇ ਹੁਣ ਉਸ ਨੂੰ ਲਾਵਾਰਸ ਛੱਡ ਰਹੀ ਹੈ, ਨਤੀਜੇ ਵਜੋਂ ਐੱਫਸੀਆਈ ਨੇ ਤੁਰੰਤ ਪ੍ਰਭਾਵ ਤੋਂ ਸੂਬੇ ’ਚੋਂ ਝੋਨਾ ਖ਼ਰੀਦਣ ਤੋਂ ਹੱਥ ਪਿੱਛੇ ਖਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਅਤੇ ਇਸ ਦੀਆਂ ਖ਼ਰੀਦ ਏਜੰਸੀਆਂ ਮੰਡੀਆਂ ’ਚੋਂ ਗਾਇਬ ਹਨ। ਇੱਥੇ ਆਪਣੇ ਦਫ਼ਤਰ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਕਿ ਮੋਦੀ ਸਰਕਾਰ ਦੇ ਨਾਦਰਸ਼ਾਹੀ ਹੁਕਮਾਂ ਵਿਰੁੱੱਧ ਤੁਰੰਤ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਵੇ।