ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਅਕਤੂਬਰ
ਕੇਂਦਰ ਸਰਕਾਰ ਦੇ ਫ਼ੈਸਲਿਆਂ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਦਲਾਖੋਰੀ ਦੀ ਭਾਵਨਾ ਨਾਲ ਚੁੱਕਿਆ ਨਾਦਰਸ਼ਾਹੀ ਕਦਮ ਕਰਾਰ ਦਿੱਤਾ ਹੈ।
ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਅੰਨ ਦੀ ਪੂਰਤੀ ਲਈ ਪੰਜਾਬ ਕੋਲੋਂ ਇੱਕ ਬਲਦ ਵਾਂਗ ਕੰਮ ਲੈ ਕੇ ਹੁਣ ਉਸ ਨੂੰ ਲਾਵਾਰਸ ਛੱਡ ਰਹੀ ਹੈ, ਨਤੀਜੇ ਵਜੋਂ ਐੱਫਸੀਆਈ ਨੇ ਤੁਰੰਤ ਪ੍ਰਭਾਵ ਤੋਂ ਸੂਬੇ ’ਚੋਂ ਝੋਨਾ ਖ਼ਰੀਦਣ ਤੋਂ ਹੱਥ ਪਿੱਛੇ ਖਿੱਚ ਲਿਆ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਤੇ ਇਸ ਦੀਆਂ ਖ਼ਰੀਦ ਏਜੰਸੀਆਂ ਮੰਡੀਆਂ ’ਚੋਂ ਗਾਇਬ ਹਨ। ਆਪਣੇ ਦਫ਼ਤਰ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਭਗਵੰਤ ਮਾਨ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਮੋਦੀ ਸਰਕਾਰ ਦੇ ਨਾਦਰਸ਼ਾਹੀ ਹੁਕਮਾਂ ਵਿਰੁੱੱਧ ਤੁਰੰਤ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਵੀ ਮੰਡੀਆਂ ਛੱਡ ਕੇ ਭੱਜ ਗਈਆਂ ਹਨ। ਸਪੱਸ਼ਟ ਹੈ ਕਿ ਕੁਰਸੀ ਦੀ ਲੜਾਈ ’ਚ ਪੰਜਾਬ ਸਰਕਾਰ ਖ਼ਰੀਦ ਪ੍ਰਬੰਧ ਹੀ ਮੁਕੰਮਲ ਨਹੀਂ ਕਰ ਸਕੀ। ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ ਨਹੀਂ ਤਾਂ ‘ਆਪ’ ਸੰਘਰਸ਼ ਕਰੇਗੀ।