ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸੀਸਗੰਜ ਸਾਹਿਬ ਵਿਖੇ ਨਤਮਸਤਕ
ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹੀਦੀ ਸਾਰੇ ਜਹਾਨ ਲਈ ਲਾਸਾਨੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ
ਸੂਬੇ ਦੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ। ਇਸ ਤੋਂ ਪਹਿਲਾਂ ਉਹ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵੀ ਨਤਮਸਤਕ ਹੋਏ । ਰਾਜਪਾਲ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਗੁਰੂ ਸਾਹਿਬ ਦੀ ਸ਼ਹੀਦੀ ਦਿਹਾੜੇ ਮੌਕੇ ਚੱਲ ਰਹੇ ਸਾਰੇ ਸਮਾਗਮਾਂ ਵਿੱਚ ਵੱਧ ਵੱਧ ਸ਼ਾਮਿਲ ਹੋਣ ਦੀ ਸੰਗਤ ਨੂੰ ਅਪੀਲ ਕੀਤੀ।
ਰਾਜਪਾਲ ਸ੍ਰੀ ਕਟਾਰੀਆ ਨੇ ਕਿਹਾ ਕਿ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਅਤੇ ਅਦੁੱਤੀ ਸ਼ਹਾਦਤ ਪੂਰੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਨੇ ਜ਼ੋਰ ਦਿਤਾ ਕਿ ਹਰ ਧਰਮ, ਹਰ ਜਾਤੀ, ਹਰ ਨਸਲ ਅਤੇ ਹਰ ਖਿੱਤੇ ਦੇ ਲੋਕਾਂ ਨੂੰ ਗੁਰੂ ਸਾਹਿਬ ਦੀ ਸ਼ਹੀਦੀ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਸੱਚ ਦੀ ਰੱਖਿਆ ਲਈ ਆਪਣਾ ਸੀਸ ਤੱਕ ਵਾਰ ਦਿੱਤਾ, ਜੋ ਸੰਸਾਰਕ ਭਾਈਚਾਰੇ ਤੇ ਹਮਦਰਦੀ ਦਾ ਸਦੀਵੀ ਸੰਦੇਸ਼ ਹੈ।
ਰਾਜਪਾਲ ਨੇ ਕਿਹਾ ਕਿ ਜਿੱਥੇ ਗੁਰੂ ਸਾਹਿਬ ਦੇ ਪਵਿੱਤਰ ਸਥਾਨ ਹਨ, ਉੱਥੇ ਨਤਮਸਤਕ ਹੋ ਕੇ ਚੜਦੀ ਕਲਾ, ਨਿਰਭਾਉ-ਨਿਰਵੈਰਤਾ ਅਤੇ ਸੇਵਾ ਦੇ ਸਿਖਿਆਤਮਕ ਸੰਦੇਸ਼ ਨੂੰ ਹਿਰਦੇ ਨਾਲ ਜੋੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸਦਾ ਹੀ ਮਾਨਵਤਾ ਨੂੰ ਅਨਿਆ ਦੇ ਵਿਰੁੱਧ ਖੜ੍ਹੇ ਹੋਣ ਦਾ ਹੌਸਲਾ ਦਿੰਦੀ ਰਹੇਗੀ।

