ਰਾਜਪਾਲ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਕਿਸਾਨਾਂ ਨੇ ਰਾਜਪਾਲ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਉਨ੍ਹਾਂ ਕਦੇ ਹੜ੍ਹਾਂ ਅਤੇ ਕਦੇ ਜੰਗ ਦੇ ਮਾਹੌਲ ਕਾਰਨ ਆਪਣਾ ਘਰ ਛੱਡ ਕੇ ਸੁਰੱਖਿਅਤ ਸਥਾਨਾਂ ’ਤੇ ਜਾਣਾ ਪੈਂਦਾ ਹੈ। ਰਾਜਪਾਲ ਸ੍ਰੀ ਕਟਾਰੀਆ ਨੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਗੱਲ ਕਰ ਕੇ ਸਮੱਸਿਆ ਦੇ ਸਥਾਈ ਹੱਲ ਬਾਰੇ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਸਰਹੱਦੀ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪੱਕੀ ਜਗ੍ਹਾ ਦਿੱਤੀ ਜਾਣੀ ਚਾਹੀਦੀ ਹੈ।
ਅਧਿਕਾਰੀਆਂ ਨੂੰ ਤਾਲਮੇਲ ਬਣਾ ਕੇ ਕੰਮ ਕਰਨ ਲਈ ਕਿਹਾ
ਤਰਨ ਤਾਰਨ (ਗੁਰਬਖਸ਼ਪੁਰੀ): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਹਰੀਕੇ ਹੈੱਡ ਵਰਕਸ ’ਤੇ ਪੁੱਜ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ| ਉਨ੍ਹਾਂ ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਿਵਲ, ਪੁਲੀਸ ਅਤੇ ਬੀ ਐੱਸ ਐੱਫ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ| ਰਾਜਪਾਲ ਕਟਾਰੀਆ ਨੇ ਸਮੂਹ ਅਧਿਕਾਰੀਆਂ ਨੂੰ ਤਾਲਮੇਲ ਬਣਾ ਕੇ ਕੰਮ ਕਰਨ ਲਈ ਕਿਹਾ| ਇਸ ਵਿੱਚ ਮੰਤਰੀ ਲਾਲਜੀਤ ਸਿੰਘ ਭੁੱਲਰ ਉੱਚੇਚੇ ਤੌਰ ’ਤੇ ਸ਼ਾਮਲ ਹੋਏ| ਡਿਪਟੀ ਕਮਿਸ਼ਨਰ ਰਾਹਲ ਨੇ ਦੱਸਿਆ ਕਿ ਜ਼ਿਲ੍ਹੇ ਦੇ 66 ਪਿੰਡ ਬਿਆਸ ਅਤੇ ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਹਨ ਅਤੇ ਕਰੀਬ 28 ਹਜ਼ਾਰ ਏਕੜ ਫ਼ਸਲਾਂ ਦਾ ਨੁਕਸਾਨ ਹੋਇਆ ਹੈ|
ਰਾਜਪਾਲ ਵੱਲੋਂ ਗੁਰਦਾਸਪੁਰ ਦਾ ਦੌਰਾ ਅੱਜ
ਡੇਰਾ ਬਾਬਾ ਨਾਨਕ (ਦਲਬੀਰ ਸੱਖੋਵਾਲੀਆ): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਿੰਨ ਸਤੰਬਰ ਨੂੰ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ ਸਣੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦਾ ਦੌਰਾ ਕਰਨਗੇ। ਇਸ ਦੌਰਾਨ ਸ੍ਰੀ ਕਟਾਰੀਆ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕਰਨਗੇ।