ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਗਸਤ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੋਵਿਡ-19 ਦੇ ਟੈਸਟ ਅਤੇ ਇਲਾਜ ਲਈ ਕੁਝ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਜ਼ ਵੱਲੋਂ ਲਈ ਜਾ ਰਹੀ ਵਾਧੂ ਫ਼ੀਸ ਦਾ ਨੋਟਿਸ ਲੈਂਦਿਆਂ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਅਜਿਹੀਆਂ ਸਾਰੀਆਂ ਸੇਵਾਵਾਂ ਪੰਜਾਬ ਸਰਕਾਰ ਵੱਲੋਂ ਤੈਅ ਰੇਟਾਂ ਅਨੁਸਾਰ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਊਨ੍ਹਾਂ ਦੱਸਿਆ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰੋਨਾ ਟੈਸਟ ਅਤੇ ਇਲਾਜ ਦੀਆਂ ਸੇਵਾਵਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਸਾਰੇ ਲੋੜਵੰਦ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਸੇਵਾਵਾਂ ਪ੍ਰਾਪਤ ਕਰ ਸਕਣ। ਇਸੇ ਦੌਰਾਨ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਪੰਜਾਬ ਸਰਕਾਰ ਨੇ ਸਿਹਤ ਪੈਕੇਜ 1393 ਤੋਂ ਵਧਾ ਕੇ 1579 ਕਰਨ ਦਾ ਫ਼ੈਸਲਾ ਲਿਆ ਹੈ।