ਗਗਨਦੀਪ ਅਰੋੜਾ
ਲੁਧਿਆਣਾ, 19 ਅਗਸਤ
ਐੱਸਵਾਈਐੱਲ ਮੁੱਦੇ ’ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਆਪਣੇ ਦਫ਼ਤਰ ਕੋਟ ਮੰਗਲ ਸਿੰਘ ਵਿਚ ਪੱਤਰਕਾਰ ਮਿਲਣੀ ਦੌਰਾਨ ਵਿਧਾਇਕ ਬੈਂਸ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ’ਚ ਕੈਪਟਨ ਅਮਰਿੰਦਰ ਸਿੰੰਘ ਵੱਲੋਂ ਪਾਣੀ ਦੇਣ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋਣ ਸਬੰਧੀ ਦਿੱਤਾ ਬਿਆਨ ਚੰਗਾ ਸੀ, ਪਰ ਉਨ੍ਹਾਂ ਨੂੰ ਇਸ ਮੁੱਦੇ ਦੇ ਹੱਲ ਲਈ ਸਿਆਸਤ ਤੋਂ ਉੱਪਰ ਉੱਠਣਾ ਪਵੇਗਾ। ਉਨ੍ਹਾਂ ਕਿਹਾ ਕਿ ਅੱਜ ਤਕ ਕਿਸੇ ਪਾਰਟੀ ਨੇ ਇਸ ਮੁੱਦੇ ਦਾ ਹੱਲ ਨਹੀਂ ਕੱਢਿਆ।
ਵਿਧਾਇਕ ਬੈਂਸ ਨੇ ਕਿਹਾ ਕਿ ਅੱਜ ਤਕ ਹਰੇਕ ਸਰਕਾਰ ਇਹੀ ਕਹਿੰਦੀ ਰਹੀ ਹੈ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਨਹੀਂ ਹੈ, ਕੋਈ ਇਹ ਸਾਬਤ ਕਰਨ ਵੱਲ ਧਿਆਨ ਨਹੀਂ ਦੇ ਰਿਹਾ ਕਿ ਹਰਿਆਣਾ ਦਾ ਪੰਜਾਬ ਦੇ ਪਾਣੀ ’ਤੇ ਹੱਕ ਹੀ ਨਹੀਂ ਹੈ। ਊਨ੍ਹਾਂ ਆਖਿਆ ਕਿ ਜੇ ਰਾਜਸਥਾਨ ਨੂੰ ਜਾ ਰਹੇ ਪਾਣੀ ਦਾ ਬਿੱਲ ਭੇਜਿਆ ਜਾਵੇ ਤਾਂ ਇਹ 16 ਲੱਖ ਕਰੋੜ ਰੁਪਏ ਬਣਦਾ ਹੈ ਜਦਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਸਮੇਤ ਹੋਰ ਕਰਜ਼ਾ ਸਿਰਫ਼ ਚਾਰ ਲੱਖ ਕਰੋੜ ਹੈ।