ਟ੍ਰਬਿਿਊੂਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਅਕਤੂਬਰ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਨੂੰ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਕ ਘਟਨਾ ਦੀ ਤੁਰੰਤ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਲੰਘੇ ਦਿਨ ਵਾਪਰੀ ਇਸ ਘਟਨਾ ਵਿੱਚ ਚਾਰ ਕਿਸਾਨ ਮਾਰੇ ਗਏ ਸਨ ਤੇ ਕੁਝ ਹੋਰ ਜ਼ਖ਼ਮੀ ਹਨ।
ਇਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਬਹੁਤ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਉਹ ਘਟਨਾ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਟੀਮ ਭੇਜੇ।
ਲਖੀਮਪੁਰ ਖੀਰੀ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ: ਬੀਬੀ ਜਗੀਰ ਕੌਰ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਵਫ਼ਦ ਭੇਜਣ ਦਾ ਫੈ਼ਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਭਾਜਪਾ ਦੇ ਇਕ ਮੰਤਰੀ ਦੇ ਪੁੱਤਰ ਵੱਲੋਂ ਗੱਡੀ ਚੜ੍ਹਾ ਕੇ ਕਿਸਾਨਾਂ ਦਾ ਕਤਲ ਅਤੇ ਕਈਆਂ ਨੂੰ ਜ਼ਖ਼ਮੀ ਕਰਨ ਦੀ ਘਟਨਾ ਅਤਿ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਸਾਰੇ ਮਾਮਲੇ ਦੀ ਮੁਕੰਮਲ ਜਾਣਕਾਰੀ ਹਾਸਲ ਕਰੇਗਾ ਤੇ ਪੀੜਤ ਪਰਿਵਾਰਾਂ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਅਮਰੀਕ ਸਿੰਘ ਸ਼ਾਹਪੁਰ, ਮੈਂਬਰ ਕੁਲਵੰਤ ਸਿੰਘ ਮੰਨਣ, ਭਾਈ ਗੁਰਚਰਨ ਸਿੰਘ ਗਰੇਵਾਲ, ਜਰਨੈਲ ਸਿੰਘ ਡੋਗਰਾਂਵਾਲਾ, ਸੁਖਮੀਤ ਸਿੰਘ ਕਾਦੀਆਂ, ਹਰਭਜਨ ਸਿੰਘ ਚੀਮਾ ਸਮੇਤ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਰਵੈਲ ਸਿੰਘ ਸ਼ਾਮਲ ਹੋਣਗੇ।