ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਜੂਨ
ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਕੋਟਕਪੂਰਾ ਗੋਲੀ ਮਾਮਲੇ ਦੀ ਮੁੜ ਹੋ ਰਹੀ ਜਾਂਚ ਵਿਚ ਸਿਆਸੀ ਦਖਲ ਦੇ ਕੇ ਇਸ ਮਾਮਲੇ ਵਿਚ ਬਾਦਲਾਂ ਨੂੰ ਫਸਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਵਲੋਂ ਇਸ ਮਾਮਲੇ ਵਿਚ ਦਖਲਅੰਦਾਜ਼ੀ ਕਰਨ ਅਤੇ ਜਾਅਲੀ ਕੇਸ ਦਰਜ ਕਰਵਾਉਣ ਲਈ ਸਾਜਿਸ਼ ਰਚਣ ਦੇ ਦੋਸ਼ ਹੇਠ ਕਾਂਗਰਸੀ ਆਗੂ ਰਾਹੁਲ ਗਾਂਧੀ, ਸੁਨੀਲ ਜਾਖੜ, ਐਸ ਆਈ ਟੀ ਮੈਂਬਰਾਂ, ਵਿਜੀਲੈਂਸ ਡਾਇਰੈਕਟਰ, ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਤੇ ਹੋਰ ਅਧਿਕਾਰੀਆਂ ਖਿਲਾਫ ਵੱਖ ਵੱਖ ਧਾਰਾਵਾਂ ਹੇਠ ਚੰਡੀਗੜ੍ਹ ਵਿਚ ਪੁਲੀਸ ਕੇਸ ਦਰਜ ਕਰਵਾਇਆ ਜਾਵੇਗਾ।
ਇਥੇ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਮਜੀਠੀਆ ਨੇ ਦਾਅਵਾ ਕੀਤਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਖੁਲਾਸਾ ਕੀਤਾ ਕਿ ਰਾਹੁਲ ਗਾਂਧੀ ਨੇ ਬੇਅਦਬੀ ਕੇਸ ਵਿਚ ਬਾਦਲ ਪਰਿਵਾਰ ਨੂੰ ਫਸਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਹੈ। ਉਨ੍ਹਾਂ ਇਸ ਸਬੰਧੀ ਵੀਡੀਓ ਵੀ ਮੀਡੀਆ ਨੂੰ ਦਿਖਾਈ। ਉਨ੍ਹਾਂ ਦਾਅਵਾ ਕੀਤਾ ਕਿ ਵਿਜੀਲੈਂਸ ਵਿਭਾਗ ਹੀ ਐਸਆਈਟੀ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿਛ ਲਈ ਵੀ ਕੁਝ ਸਾਬਕਾ ਅਧਿਕਾਰੀ ਭੇਜੇ ਗਏ ਸਨ ਜੋ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦਬਾਅ ਹੇਠ ਅਜਿਹਾ ਕਰ ਰਹੀ ਹੈ ਕਿਉਂਕਿ ਕਾਂਗਰਸੀਆਂ ਦਾ ਮੰਨਣਾ ਹੈ ਕਿ ਉਹ ਸਿਰਫ ਬਾਦਲ ਪਰਿਵਾਰ ਨੂੰ ਫਸਾ ਕੇ ਹੀ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰ ਸਕਦੇ ਹਨ। ਇਹੀ ਕਾਰਨ ਹੈ ਕਿ ਹੁਣ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਫਸਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਤਿੰਨ ਮੰਤਰੀਆਂ ਦਾ ਲਾਈ-ਡਿਟੈਕਟਰ ਟੈਸਟ ਹੋਵੇ: ਵਲਟੋਹਾ
ਇਸ ਮੌਕੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਮੰਗ ਕੀਤੀ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਨਾਲ ਨਾਲ ‘ਆਪ’ ਆਗੂਆਂ ਦਾ ਵੀ ਲਾਈ ਡਿਟੈਕਟਰ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਕਿ ਇਹ ਪਤਾ ਲੱਗ ਸਕੇ ਕਿ ਉਨ੍ਹਾਂ ਕਿੰਨੀ ਵਾਰ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਨਾਲ ਗੱਲਬਾਤ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੀਸੀਟੀਵੀ ਫੁਟੇਜ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਰਿਕਾਰਡ ਵੀ ਤਲਬ ਕੀਤਾ ਜਾਵੇ ਤਾਂ ਕਿ ਪਤਾ ਲੱਗ ਸਕੇ ਕਿ ਇਹ ਸਾਬਕਾ ਪੁਲੀਸ ਅਧਿਕਾਰੀ ਕਿੰਨੀ ਵਾਰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਗਿਆ ਸੀ ਅਤੇ ਉਸ ਵੇਲੇ ਉਥੇ ਕੌਣ-ਕੌਣ ਸੀ।