ਸੰਜੀਵ ਬੱਬੀ
ਚਮਕੌਰ ਸਾਹਿਬ, 15 ਜਨਵਰੀ
ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਆਪਣੇ ਸਿਰਫ਼ ਸਾਢੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਜਿੱਥੇ ਲੋਕਪੱਖੀ ਫੈ਼ਸਲੇ ਲਾਗੂ ਕੀਤੇ ਹਨ, ਉੱਥੇ ਹੀ ਨਸ਼ਿਆਂ ਦੇ ਸੌਦਾਗਰਾਂ ਨੂੰ ਹੱਥ ਪਾਉਣ ਦੀ ਹਿੰਮਤ ਅਤੇ ਪ੍ਰਤੀਬੱਧਤਾ ਦਿਖਾਈ ਹੈ। ਇਹ ਗੱਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੀ ਦੇਰ ਸ਼ਾਮ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲੀਆਂ ਵੱਡੀਆਂ ਮੱਛੀਆਂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਦੇ ਸੌਦਾਗਰਾਂ ਬਾਰੇ ਪੁੱਛ-ਪੜਤਾਲ ਨਹੀਂ ਕੀਤੀ, ਪਰ ਜਿਉਂ ਹੀ ਹਾਈ ਕਮਾਨ ਨੇ ਸੂਬੇ ਦੀ ਕਮਾਂਡ ਉਨ੍ਹਾਂ ਨੂੰ ਸੌਂਪੀ ਤਾਂ ਉਨ੍ਹਾਂ ਆਪਣੀ ਪੂਰੀ ਸਮਰੱਥਾ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕਾਰਜ ਆਰੰਭੇ ਹਨ। ਰੇਤ ਮਾਫ਼ੀਆ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਵੀ ਉਨ੍ਹਾਂ ਦੀ ਸਰਕਾਰ ਨੇ ਪੂਰੀ ਯੋਜਨਾਬੰਦੀ ਨਾਲ ਕਾਰਜ ਕਰਕੇ ਰੇਤ ਦਾ ਗ਼ੈਰਕਾਨੂੰਨੀ ਖਣਨ ਕਾਫੀ ਰੋਕਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇ ਪੰਜਾਬੀਆਂ ਨੇ ਕਾਂਗਰਸ ਪਾਰਟੀ ਵਿੱਚ ਮੁੜ ਭਰੋਸਾ ਪ੍ਰਗਟਾਇਆ ਤਾਂ ਆਉਣ ਵਾਲੇ ਪੰਜ ਸਾਲਾਂ ਵਿੱਚ ਪੰਜਾਬ ਨੂੰ ਕਰਜ਼ਾ ਮੁਕਤ ਸੂਬਾ ਬਣਾ ਕੇ ਪੰਜਾਬ ਦੀ ਕਾਇਆ-ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਇਸ ਪਵਿੱਤਰ ਧਰਤੀ ਨੇ ਹੀ ਉਨ੍ਹਾਂ ਨੂੰ ਆਜ਼ਾਦ ਉਮੀਦਵਾਰ ਵਜੋਂ ਪਹਿਲੀ ਵਾਰ ਜਿੱਤਾ ਕੇ ਲਗਾਤਾਰ ਤਿੰਨ ਵਾਰ ਵਿਧਾਇਕ ਬਣਾਇਆ ਤੇ ਹੁਣ ਮੁੱਖ ਮੰਤਰੀ ਦੇ ਅਹੁਦੇ ਤੱਕ ਪਹੁੰਚੇ ਹਨ। ਇਸ ਲਈ ਉਹ ਇਤਿਹਾਸਕ ਧਰਤੀ ਦੀ ਸੇਵਾ ਨਹੀਂ ਛੱਡਣਗੇ। ਸ੍ਰੀ ਚੰਨੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਉਨ੍ਹਾਂ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਤਹਿਤ ਹਲਕੇ ਦੇ ਸੂਝਵਾਨ ਵੋਟਰ ਉਨ੍ਹਾਂ ਨੂੰ ਇਸ ਵਾਰ ਵੀ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ।