ਟ੍ਰਿਬਿਊਨ ਨਿਊਜ਼ ਸਰਵਿਸ/ਨਿੱਜੀ ਪੱਤਰ ਪ੍ਰੇਰਕ
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 26 ਅਗਸਤ
ਪੰਜਾਬ ਸਰਕਾਰ ਨੇ ਜ਼ਿਲ੍ਹਾ ਪਟਿਆਲਾ ਦੇ ਇੱਕ ਹੋਰ ਪਿੰਡ ਬਡੂੰਗਰ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮੰਡੋਫਲ ਨੂੰ ਅੱਜ ‘ਅਫਰੀਕਨ ਸਵਾਈਨ ਫੀਵਰ’ ਨਾਲ ਪ੍ਰਭਾਵਿਤ ਜ਼ੋਨ ਐਲਾਨ ਦਿੱਤਾ ਹੈ। ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈਸੀਏਆਰ) ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ ਭੋਪਾਲ ਨੇ ਦੋਵਾਂ ਪਿੰਡਾਂ ਤੋਂ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫੀਵਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਬਿਮਾਰੀ ਦੀ ਰੋਕਥਾਮ ਲਈ ‘ਜਾਨਵਰਾਂ ਵਿੱਚ ਛੂਤ ਦੀਆਂ ਬਿਮਾਰੀਆਂ ਦੀ ਰੋਕਥਾਮ ਤੇ ਕੰਟਰੋਲ ਐਕਟ 2009’ ਅਤੇ ‘ਅਫ਼ਰੀਕਨ ਸਵਾਈਨ ਫੀਵਰ ਦੇ ਕੰਟਰੋਲ ਤੇ ਖ਼ਾਤਮੇ ਲਈ ਕੌਮੀ ਕਾਰਜ ਯੋਜਨਾ (ਜੂਨ 2020)’ ਤਹਿਤ ਪਾਬੰਦੀਆਂ ਲਾ ਕੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਥਿਤੀ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸ੍ਰੀ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦੇ ਇੱਕ ਕਿਲੋਮੀਟਰ ਤੱਕ ਦੇ ਖੇਤਰ ‘ਸੰਕ੍ਰਮਿਤ ਜ਼ੋਨ’ ਅਤੇ ਇਕ ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ ‘ਨਿਗਰਾਨੀ ਜ਼ੋਨ’ ਹੋਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਸੂਰ, ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ ਪ੍ਰਭਾਵਿਤ ਜ਼ੋਨ ਤੋਂ ਬਾਹਰ ਨਾ ਲਿਜਾਈ ਜਾਵੇ ਅਤੇ ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇ।