ਸ਼ਗਨ ਕਟਾਰੀਆ
ਬਠਿੰਡਾ, 25 ਅਗਸਤ
ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ’ਤੇ ਸੁਹਿਰਦ ਨਾ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨੇ ਕਿਸਾਨਾਂ ’ਤੇ ਪਰਚੇ ਹੀ ਦਰਜ ਕੀਤੇ ਹਨ। ਇਸ ਮੁੱਦੇ ’ਤੇ ਸਰਕਾਰ ਕਿਸਾਨਾਂ ਨੂੰ ਜ਼ਲੀਲ ਕਰ ਰਹੀ ਹੈ। ਉਂਜ ਉਨ੍ਹਾਂ ਸਰਕਾਰ ’ਤੇ ਪੰਜਾਬ ਦੇ ਹਰ ਵਰਗ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਦੇ ਇਲਜ਼ਾਮ ਲਾਏ।
ਵਿਧਾਇਕ ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ ਅਤੇ ਮਾਸਟਰ ਬਲਦੇਵ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਨੇ ਖੇਤਾਂ ਵਿੱਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਕਹੀ ਸੀ ਪਰ ਹਾਲੇ ਤੱਕ ਇਕ ਵੀ ਕਿਸਾਨ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ ਹੈ ਪਰ ਜੇਕਰ ਸਰਕਾਰ ਇਸ ਪ੍ਰਤੀ ਸਰਕਾਰ ਗੰਭੀਰ ਹੁੰਦੀ ਤਾਂ ਬੰਦ ਕੀਤਾ ਗਿਆ ਬਠਿੰਡਾ ਦਾ ਥਰਮਲ ਪਲਾਂਟ ਪਰਾਲੀ ਦਾ ਵਧੀਆ ਬਦਲ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਕੋਲ ਅੱਜ ਜਦੋਂ ਆਪਣੀ ਖੇਤੀ ਨੂੰ ਬਚਾਉਣ ਲਈ ਕੋਈ ਚਾਰਾ ਨਹੀਂ ਬਚਿਆ ਤਾਂ ਉਨ੍ਹਾਂ ਨੂੰ ਸੰਘਰਸ਼ਾਂ ਲਈ ਸੜਕਾਂ ’ਤੇ ਉੱਤਰਨਾ ਪੈ ਰਿਹਾ ਹੈ।
ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਦੇ ਇਕ-ਰੋਜ਼ਾ ਸੈਸ਼ਨ ਨੂੰ ਵਧਾ ਕੇ ਘੱਟੋ-ਘੱਟ 15 ਦਿਨ ਕਰਨ ਲਈ ਸਰਕਾਰ ’ਤੇ ਜ਼ੋਰ ਪਾ ਰਹੀ ਹੈ ਤਾਂ ਜੋ ਕਰੋਨਾ ਦੀ ਆੜ ’ਚ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਕੀਤੇ ਗਏ ਲੋਕ ਵਿਰੋਧੀ ਫੈਸਲਿਆਂ ’ਤੇ ਚਰਚਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਦਿਨ ਦਾ ਸੈਸ਼ਨ ਰੱਖ ਕੇ ਪੰਜਾਬ ਸਰਕਾਰ ਲੋਕ ਮੁੱਦਿਆਂ ਤੋਂ ਭੱਜ ਰਹੀ ਹੈ।