ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜਨਵਰੀ
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਨੇ ਕੇਂਦਰ ਸਰਕਾਰ ਨੂੰ ਅੜੀਅਲ ਵਤੀਰਾ ਛੱਡ ਕੇ 4 ਜਨਵਰੀ ਦੀ ਮੀਟਿੰਗ ਦੌਰਾਨ ਕਿਸਾਨਾਂ ਦੀ ਖੇਤੀ ਕਾਨੂੰਨ ਰੱਦ ਕਰਨ ਦੀ ਮੁੱਖ ਮੰਗ ਸਵੀਕਾਰਨ ਦੀ ਅਪੀਲ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚਾਰ ਦਹਾਕੇ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਵੀ ਆਪਣੇ ਅੜੀਅਲ ਵਤੀਰੇ ਨਾਲ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਸੀ ਤੇ ਅਨੇਕਾਂ ਬੇਕਸੂਰਾਂ ਨੂੰ ਆਪਣੀਆਂ ਜਾਨਾਂ ਗਵਾਉਣੀਆਂ ਪਈਆਂ ਸਨ। ਸ੍ਰੀ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਤਿਹਾਸ ਤੋਂ ਸਬਕ ਲੈਣ ਦੀ ਸਲਾਹ ਦਿੰਦਿਆਂ ਇੰਦਰਾ ਗਾਂਧੀ ਦੇ ਰਸਤੇ ’ਤੇ ਨਾ ਚੱਲਣ ਅਤੇ ਪੰਜਾਬ ਨੂੰ ਦਬਾਉਣ ਅਤੇ ਬਦਨਾਮ ਕਰਨ ਦੀਆਂ ਕੋਝੀਆਂ ਹਰਕਤਾਂ ਛੱਡਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਆਪਣੀ ਜ਼ਿੱਦ ਅਤੇ ਅੜੀਅਲ ਰਵੱਈਆ ਛੱਡੇ।