ਪਾਲ ਸਿੰਘ ਨੌਲੀ
ਜਲੰਧਰ, 17 ਮਈ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਤਹਿਤ ਵੱਡੇ ਕਾਬਜ਼ਕਾਰਾਂ ਨੂੰ ਪਹਿਲਾਂ ਹੱਥ ਪਾਇਆ ਜਾਵੇ ਤੇ ਇਸ ਦੀ ਸ਼ੁਰੂਆਤ ਕਾਂਗਰਸੀਆਂ ਤੋਂ ਕੀਤੀ ਜਾਵੇ। ਉਨ੍ਹਾਂ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਦੀ ਆੜ ਹੇਠ ਛੋਟੇ, ਦਰਮਿਆਨੇ ਤੇ ਬੇਜ਼ਮੀਨੇ ਕਿਸਾਨਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ। ਉਨ੍ਹਾਂ ਬੇਜ਼ਮੀਨੇ ਤੇ ਛੋਟੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ 22 ਮਈ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣ ਜਿਥੇ ਉਨ੍ਹਾਂ ਦੀਆਂ ਖੋਹੀਆਂ ਜਾ ਰਹੀਆਂ ਜ਼ਮੀਨਾਂ ਨੂੰ ਬਚਾਉਣ ਲਈ ਕਾਨੂੰਨੀ ਸਹਾਇਤਾ ਦੇਣ ਦੀ ਰਣਨੀਤੀ ਘੜੀ ਜਾਵੇਗੀ।
ਸ੍ਰੀ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2020 ਵਿਚ ਐਕਟ ਬਣਾਇਆ ਸੀ ਜਿਸ ਤਹਿਤ ਛੋਟੇ ਤੇ ਬੇਜ਼ਮੀਨੇ ਕਿਸਾਨਾਂ ਨੂੰ ਤੈਅ ਕੀਤੇ ਰੇਟਾਂ ’ਤੇ ਜ਼ਮੀਨਾਂ ਦਿੱਤੀਆਂ ਜਾ ਸਕਦੀਆਂ ਹਨ। ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਕਰੀਬਨ 6 ਲੱਖ ਏਕੜ ਦੇ ਕਰੀਬ ਪੰਚਾਇਤਾਂ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਨੇ 1200 ਕਨਾਲ ਪੰਚਾਇਤੀ ਜ਼ਮੀਨ ਦੱਬੀ ਹੋਈ ਹੈ। ਇਸੇ ਤਰ੍ਹਾਂ ਅਕਾਲੀ ਸਰਕਾਰ ’ਚ ਰਹੇ ਸਾਬਕਾ ਮੰਤਰੀਆਂ, ਵਿਧਾਇਕਾਂ ਨੇ ਵੀ ਜ਼ਮੀਨਾਂ ਦੱਬੀਆਂ ਹੋਈਆਂ ਹਨ। ਸਾਬਕਾ ਡੀਜੀਪੀ ਸਮੇਤ ਹੋਰ ਕਈ ਅਫਸਰਾਂ ਨੇ ਸੌ-ਸੌ ਏਕੜ ਤੋਂ ਵੱਧ ਜ਼ਮੀਨ ਦੱਬੀ ਹੋਈ ਹੈ।
ਸੁਖਪਾਲ ਸਿੰਘ ਖਹਿਰਾ ਨੇ ਬੇਜ਼ਮੀਨੇ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਉਨ੍ਹਾਂ ਤੱਕ ਕਈ ਛੋਟੇ ਕਿਸਾਨਾਂ ਨੇ ਪਹੁੰਚ ਕੀਤੀ ਹੈ, ਜਿਹੜੇ ਪਿਛਲੇ 70 ਸਾਲਾਂ ਤੋਂ ਇਕ-ਇਕ, ਦੋ-ਦੋ ਏਕੜ ਜ਼ਮੀਨ ’ਤੇ ਕਾਬਜ਼ ਹਨ ਤੇ ਆਪਣੇ ਪਰਿਵਾਰਾਂ ਦਾ ਪੇਟ ਪਾਲ ਰਹੇ ਹਨ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨਾਂ ਦੀ ਜ਼ਮੀਨ ਬਚਾਉਣ ਲਈ ਉਹ ਸੁਪਰੀਮ ਕੋਰਟ ਤੱਕ ਵੀ ਲੜਾਈ ਲੜਨਗੇ। ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿਚ ਵੀ ਇਸ ਮੁੱਦੇ ਨੂੰ ਉਠਾਉਣਗੇ।
ਖਹਿਰਾ ’ਤੇ ਸਰਕਾਰੀ ਜ਼ਮੀਨ ਆਪਣੇ ਨਾਮ ਕਰਵਾਉਣ ਦੇ ਦੋਸ਼
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਆਮ ਆਦਮੀ ਪਾਰਟੀ (ਆਪ) ਦੇ ਭੁਲੱਥ ਤੋਂ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ’ਤੇ ਕਥਿਤ ਤੌਰ ’ਤੇ ਕੇਂਦਰ ਦੀ ਜ਼ਮੀਨ ਆਪਣੇ ਨਾਮ ਕਰਵਾਉਣ ਦੇ ਦੋਸ਼ ਲਾਏ ਹਨ। ‘ਆਪ’ ਆਗੂ ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਜਲੰਧਰ ਦੇ ਪਿੰਡ ਕੰਡਿਆਲੀ ਵਿਚ ਕੇਂਦਰ ਸਰਕਾਰ ਦੀ ਜ਼ਮੀਨ ਸਾਲ 1965-66 ਤੋਂ ਲੈ ਕੇ 1975-76 ਤੱਕ ਭਾਖੜਾ ਨੰਗਲ ਪ੍ਰਾਜੈਕਟ ਲਈ ਰੱਖੀ ਗਈ ਸੀ। ਇਹ ਜਾਇਦਾਦ ਸਾਲ 2015-16 ਵਿੱਚ ਸੁਖਪਾਲ ਸਿੰਘ ਖਹਿਰਾ ਦਾ ਨਾਮ ’ਤੇ ਕਰਵਾ ਲਈ ਗਈ ਹੈ। ਰਣਜੀਤ ਸਿੰਘ ਰਾਣਾ ਨੇ ਖਹਿਰਾ ਖ਼ਿਲਾਫ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ‘ਆਪ’ ਆਗੂ ਵੱਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਲੰਧਰ ਦੇ ਪਿੰਡ ਕੰਡਿਆਲੀ ਵਿੱਚ ਉਨ੍ਹਾਂ ਦੀ ਕੋਈ ਜ਼ਮੀਨ ਨਹੀਂ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ, ਜੇਕਰ ਕੋਈ ਸਬੂਤ ਹੈ ਤਾਂ ਬਣਦੀ ਕਾਰਵਾਈ ਕਰਨ।