ਪੱਤਰ ਪ੍ਰੇਰਕ
ਬਠਿੰਡਾ/ਮਾਨਸਾ, 26 ਅਪਰੈਲ
ਸੰਯੁਕਤ ਕਿਸਾਨ ਮੋਰਚੇ ਦੇ ਸਾਬਕਾ ਕਨਵੀਨਰ ਬਲਬੀਰ ਸਿੰਘ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਪ੍ਰਧਾਨ ਬੋਘ ਸਿੰਘ ਮਾਨਸਾ ਨੇ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਬੀਤੇ ਦਿਨੀਂ ਖੁਦਕੁਸ਼ੀ ਕਰ ਗਏ ਬਠਿੰਡਾ ਜ਼ਿਲ੍ਹੇ ਦੇ ਕਿਸਾਨ ਗੁਰਦੀਪ ਸਿੰਘ ਮਾਨਸਾ ਖੁਰਦ ਅਤੇ ਜਸਪਾਲ ਸਿੰਘ ਮਾਈਸਰਖਾਨਾ ਦੇ ਪਰਿਵਾਰਾਂ ਨਾਲ ਅੱਜ ਮੁਲਾਕਾਤ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਰਮੇ ਅਤੇ ਇਸ ਵਰ੍ਹੇ ਕਣਕ ਦਾ ਝਾੜ ਘਟਣ ਕਾਰਨ ਸੂਬੇ ਦੇ ਕਿਸਾਨਾਂ ਨੂੰ ਲਗਪਗ 15 ਹਜ਼ਾਰ ਕਰੋੜ ਰੁਪਏ ਦਾ ਘਾਟਾ ਪਿਆ ਹੈ। ਪਿਛਲੇ ਵਰ੍ਹੇ ਨਾਲੋਂ ਇਸ ਵਾਰ 45 ਲੱਖ ਟਨ ਕਣਕ ਘੱਟ ਹੋਈ ਹੈ। ਇਹ ਘਾਟਾ ਪੂਰੇ ਬਾਜ਼ਾਰ ਨੂੰ ਪ੍ਰਭਾਵਿਤ ਕਰੇਗਾ। ਉਨ੍ਹਾਂ ਕੇਂਦਰ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਲਈ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਐਕਸਗ੍ਰੇਸ਼ੀਆ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਇਹ ਮੁੱਦਾ ਕੇਂਦਰ ਕੋਲ ਚੁੱਕਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸਾਨਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਉਹ ਸੰਘਰਸ਼ ਵਿੱਢਣਗੇ।
ਰਾਜੇਵਾਲ ਨੇ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਸਰਕਾਰ ਕਰੋੜਾਂ ਰੁਪਏ ਖ਼ਰਚ ਕੇ ਹੋਰ ਸੂਬਿਆਂ ’ਚ ਇਸ਼ਤਿਹਾਰ ਦੇ ਰਹੀ ਹੈ। ਜੇ ਇਹ ਪੈਸਾ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਦਿੱਤਾ ਜਾਂਦਾ ਹੈ ਤਾਂ ਪੀੜਤ ਪਰਿਵਾਰਾਂ ਨੂੰ ਕੁਝ ਰਾਹਤ ਮਿਲ ਸਕਦੀ ਸੀ। ਉਨ੍ਹਾਂ ਕਿਸਾਨਾਂ ਨੂੰ ਵੀ ਖੁਦਕੁਸ਼ੀਆਂ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੁਦਕੁਸ਼ੀਆਂ ਕਰਨ ਨਾਲ ਪਿੱਛੇ ਸਾਰਾ ਪਰਿਵਾਰ ਰੁਲ ਜਾਂਦਾ ਹੈ।