ਦਵਿੰਦਰ ਪਾਲ
ਚੰਡੀਗੜ੍ਹ, 8 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਕਾਂਗਰਸ ਸਰਕਾਰ ਪੰਜਾਬ ਦੇ ਐਡਹਾਕ, ਠੇਕੇ ’ਤੇ ਕੰਮ ਕਰਦੇ, ਦਿਹਾੜੀਦਾਰ, ਟੈਂਪਰੇਰੀ ਵਰਕ ਚਾਰਜ ਅਤੇ ਆਊਟਸੋਰਸ ਮੁਲਾਜ਼ਮ ਭਲਾਈ ਐਕਟ 2016 ਨੂੰ ਲਾਗੂ ਕਰੇ।
ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਠੇਕੇ ’ਤੇ ਕੰਮ ਕਰਦੇ 30 ਹਜ਼ਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਟਾਲਾ ਵੱਟ ਰਹੀ ਹੈ, ਜਦਕਿ ਇਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਇਸ ਸਬੰਧੀ ਵਾਅਦਾ ਕੀਤਾ ਸੀ। ਉਨ੍ਹਾਂ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਸੰਘਰਸ਼ ਕਰ ਕੇ ਕਾਂਗਰਸ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਲਈ ਮਜਬੂਰ ਕਰ ਦੇਵੇਗਾ ਤੇ ਜੇ ਕਾਂਗਰਸ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ 2022 ਵਿੱਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਬਕਾ ਅਕਾਲੀ ਸਰਕਾਰ ਨੇ ਉਸ ਸਮੇਂ ਤਿੰਨ ਸਾਲਾਂ ਤੋਂ ਸੂਬਾ ਸਰਕਾਰ ਲਈ ਸੇਵਾਵਾਂ ਦੇ ਰਹੇ ਐਡਹਾਕ, ਠੇਕੇ ਵਾਲੇ, ਆਰਜ਼ੀ ਤੌਰ ’ਤੇ ਵਰਕ ਚਾਰਜ ਜਾਂ ਆਊਟਸੋਰਸ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਸੀ। ਇਸ ਸਬੰਧੀ ਕਾਨੂੰਨ 24 ਦਸੰਬਰ, 2016 ਨੂੰ ਨੋਟੀਫਾਈ ਕੀਤਾ ਗਿਆ ਸੀ ਪਰ ਜਨਵਰੀ 2017 ਦੇ ਪਹਿਲੇ ਹਫ਼ਤੇ ਆਮ ਚੋਣਾਂ ਦਾ ਐਲਾਨ ਹੋਣ ਕਾਰਨ ਸੇਵਾਵਾਂ ਪੱਕੀਆਂ ਕਰਨ ਵਾਲਾ ਇਹ ਕਾਨੂੰਨ 2017 ਵਿੱਚ ਲਾਗੂ ਨਹੀਂ ਕੀਤਾ ਜਾ ਸਕਿਆ ਸੀ।
ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਮੁਲਾਜ਼ਮ ਵਿਰੋਧੀ ਹੈ। ਪਹਿਲਾਂ ਤਾਂ ਤਨਖਾਹ ਕਮਿਸ਼ਨ ਨੂੰ ਜਾਣਬੁੱਝ ਕੇ ਚਾਰ ਸਾਲਾਂ ਤੱਕ ਲਟਕਾਇਆ ਗਿਆ ਅਤੇ ਮੁਲਾਜ਼ਮਾਂ ਨੂੰ ਮਿਲ ਰਹੇ ਭੱਤੇ ਘਟਾ ਦਿੱਤੇ ਗਏ, ਜੋ ਨਵੇਂ ਤਨਖਾਹ ਕਮਿਸ਼ਨ ਤਹਿਤ ਬੰਦ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਹਜ਼ਾਰਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਬੇਤੁਕੇ ਆਧਾਰ ’ਤੇ ਖਤਮ ਕਰ ਦਿੱਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ 25 ਲੱਖ ਨੌਕਰੀਆਂ ਤੇ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਕਾਂਗਰਸੀ ਵਿਧਾਇਕਾਂ ਤੇ ਆਗੂਆਂ ਦੇ ਪੁੱਤਰਾਂ ਤੇ ਰਿਸ਼ਤੇਦਾਰਾਂ ਸਮੇਤ ਆਪਣੇ ਚਹੇਤਿਆਂ ਨੂੰ ਹੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਆਖਿਆ ਕਿ ਅਕਾਲੀ ਦਲ ਇਹ ਮਾਮਲਾ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਵਿੱਚ ਜ਼ੋਰਦਾਰ ਢੰਗ ਨਾਲ ਚੁੱਕੇਗਾ।