ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਸਰਕਾਰ ਨੂੰ ਫ਼ੈਸਲਾ ਕਰਨ ਦੇ ਆਦੇਸ਼ ਦਿੱਤੇ ਹੋਏ ਹਨ ਪਰ ਭਾਰਤ ਸਰਕਾਰ ਵੱਲੋਂ ਜਾਣਬੁੱਝ ਕੇ ਦੇਰ ਕੀਤੀ ਜਾ ਰਹੀ ਹੈ। ਭਾਰਤ ਸਰਕਾਰ ਨੂੰ ਇਸ ਸਬੰਧੀ ਜਲਦੀ ਫ਼ੈਸਲਾ ਕਰਨਾ ਚਾਹੀਦਾ ਹੈ। ਇਹ ਵਿਚਾਰ ਉਨ੍ਹਾਂ ਅੱਜ ਇੱਥੇ ਭਾਈ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨਾਲ ਮੁਲਾਕਾਤ ਮਗਰੋਂ ਪ੍ਰਗਟਾਏ।
ਬੀਬੀ ਕਮਲਦੀਪ ਕੌਰ ਨੇ ਬੀਬੀ ਜਗੀਰ ਕੌਰ ਨੂੰ ਇਸ ਕੇਸ ਦੇ ਜਲਦੀ ਨਿਪਟਾਰੇ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੀ ਅਪੀਲ ਕੀਤੀ ਹੈ। ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਇਸ ਕੇਸ ਦਾ ਜਲਦੀ ਫ਼ੈਸਲਾ ਹੋ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਭਾਈ ਰਾਜੋਆਣਾ ਦੇ ਕੇਸ ਲਈ ਸੰਜੀਦਾ ਹੈ ਅਤੇ ਇਸ ਸਬੰਧੀ ਗ੍ਰਹਿ ਮੰਤਰਾਲੇ ਨੂੰ ਮੁੜ ਪੱਤਰ ਲਿਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵੱਲੋਂ ਜਿਨ੍ਹਾਂ ਅੱਠ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਗਿਆ ਸੀ, ਉਨ੍ਹਾਂ ਵਿਚ ਭਾਈ ਰਾਜੋਆਣਾ ਦਾ ਨਾਂ ਵੀ ਸ਼ਾਮਲ ਸੀ।
ਬੰਗਲਾ ਸਾਹਿਬ ਗੁਰਦੁਆਰਾ ਬੰਦ ਕਰਨਾ ਨਾਦਰਸ਼ਾਹੀ ਫ਼ੈਸਲਾ ਕਰਾਰ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼ਾਂ ਨੂੰ ਨਾਦਰਸ਼ਾਹੀ ਫ਼ੈਸਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਮਨੁੱਖਤਾ ਦੀ ਭਲਾਈ ਅਤੇ ਅਧਿਆਤਮਿਕਤਾ ਦੇ ਕੇਂਦਰ ਹਨ। ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼ ਦਿੱਲੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਪ੍ਰਗਟਾਉਂਦੇ ਹਨ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਮੁਆਫ਼ੀ ਵੀ ਮੰਗੇ।