ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਮਈ
‘ਆਪ’ ਸਰਕਾਰ ਵੱਲੋਂ ਸੂਬੇ ਦਾ ਬਜਟ ਪੇਸ਼ ਕਰਨ ਤੋਂ ਪਹਿਲਾਂ ਕਾਰੋਬਾਰੀਆਂ ਦੇ ਸੁਝਾਅ ਲੈਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਵਪਾਰੀਆਂ ਤੇ ਸਨਅਤਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਦਯੋਗ ਅਤੇ ਵਪਾਰ ਨੂੰ ਉਤਸ਼ਾਹਿਤ ਕੀਤੇ ਬਿਨਾਂ ਤਰੱਕੀ ਸੰਭਵ ਨਹੀਂ ਹੈ। ਇਸ ਲਈ ਸਰਕਾਰ ਉਦਯੋਗ ਨੂੰ ਮੁੜ ਲੀਹ ’ਤੇ ਲਿਆਵੇਗੀ। ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵਿੱਤ ਮੰਤਰੀ ਨੇ ਕਾਰੋਬਾਰੀਆਂ ਨਾਲ ‘ਜਨਤਾ ਬਜਟ’ ਸਬੰਧੀ ਵਿਚਾਰ ਚਰਚਾ ਕੀਤੀ ਤੇ ਸੁਝਾਅ ਮੰਗੇ। ਸ੍ਰੀ ਚੀਮਾ ਨੇ ਕਿਹਾ ਕਿ ਸਨਅਤਕਾਰਾਂ ਵੱਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ’ਤੇ ਸਰਕਾਰ ਵਿਚਾਰ ਕਰੇਗੀ ਅਤੇ ਇਨ੍ਹਾਂ ਦਾ ਹੱਲ ਕੱਢਣ ਦਾ ਯਤਨ ਕੀਤਾ ਜਾਵੇਗਾ।
ਬਟਾਲਾ (ਹਰਜੀਤ ਸਿੰਘ ਪਰਮਾਰ/ਦਲਬੀਰ ਸੱਖੋਵਾਲੀਆ): ਇਸੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਟਾਲਾ ਦੇ ਸ਼ਿਵ ਬਟਾਲਵੀ ਆਡੀਟੋਰੀਅਮ ਵਿੱਚ ਉਦਯੋਗਪਤੀਆਂ, ਵਪਾਰੀਆਂ, ਛੋਟੇ ਦੁਕਾਨਦਾਰਾਂ, ਮਜ਼ਦੂਰਾਂ ਤੇ ਕਿਸਾਨਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਕੋਲੋਂ ‘ਜਨਤਾ ਬਜਟ’ ਲਈ ਸੁਝਾਅ ਪ੍ਰਾਪਤ ਕੀਤੇ।
ਟੀਚਰ ਐਸੋਸੀਏਸ਼ਨ ਵੱਲੋਂ ਚੀਮਾ ਨੂੰ ਮੰਗ ਪੱਤਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ ਨੇ ਇੱਕ ਮੰਗ ਪੱਤਰ ਦੇ ਕੇ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵਿੱਚ ਯੂਜੀਸੀ ਪੇਅ ਸਕੇਲ ਨੂੰ ਵੀ ਅਪਣਾਇਆ ਜਾਵੇ ਤਾਂ ਜੋ ਯੂਨੀਵਰਸਿਟੀ ਅਤੇ ਕਾਲਜ ਟੀਚਰਾਂ ਨੂੰ ਇਸ ਦਾ ਲਾਭ ਮਿਲ ਸਕੇ। ਇਸ ਤੋਂ ਇਲਾਵਾ ਖਜ਼ਾਨਾ ਵਿਭਾਗ ਦੇ ਕਰਮਚਾਰੀਆਂ ਨੇ ਜਥੇਬੰਦੀ ਦੇ ਪ੍ਰਧਾਨ ਜੈਮਲ ਸਿੰਘ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਵਿਤ ਮੰਤਰੀ ਨੂੰ ਸੌਂਪਿਆ।