ਖੇਤਰੀ ਪ੍ਰਤੀਨਿਧ
ਪਟਿਆਲਾ, 24 ਅਪਰੈਲ
ਐਤਕੀਂ ਮੌਸਮ ਦੀ ਗੜਬੜੀ ਕਾਰਨ ਕਣਕ ਦੇ ਘਟੇ ਝਾੜ ਨੇ ਕਿਸਾਨਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੇ ਚੱਲਦਿਆਂ ਤਿੰਨ ਹਫ਼ਤਿਆਂ ਦੌਰਾਨ 14 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਖੁਦਕੁਸ਼ੀਆਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਸੂਬੇ ਦੇ ਕਿਸਾਨਾਂ ਦੇ ਬਚਾਅ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਇੱਕ-ਇਕ ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਦਿੱਤੀ ਜਾਵੇ। ਰਾਜੇਵਾਲ ਨੇ ਕਿਹਾ ਕਿ ਖੁਦਕੁਸ਼ੀ ਪੀੜਤ ਮਜ਼ਦੂਰ ਪਰਿਵਾਰਾਂ ਨੂੰ ਵੀ ਕਿਸਾਨਾਂ ਦੀ ਤਰਜ਼ ’ਤੇ ਮੁਆਵਜ਼ਾ ਦਿੱਤਾ ਜਾਵੇ।