ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 16 ਅਕਤੂਬਰ
ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਵਸ ਮੌਕੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਤਿਹਾਸਕ ਨਗਰ ਚੱਪੜਚਿੜੀ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਵਿਖੇ ਪੰਜਾਬ ਸਰਕਾਰ ਦੀ ਤਰਫ਼ੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਬੇਜ਼ਮੀਨੇ ਕਿਸਾਨਾਂ ਦੇ ਹੱਕਾਂ ਪ੍ਰਤੀ ਪੰਜਾਬ ਸਰਕਾਰਾਂ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਆਖ਼ਰੀ ਸਾਹ ਤੱਕ ਕਿਸਾਨਾਂ ਦੇ ਹੱਕਾਂ ਅਤੇ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਬਹਾਦਰੀ, ਦੇਸ਼ ਭਗਤੀ ਅਤੇ ਵਡਿਆਈਆਂ ਦੀਆਂ ਮਹਾਨ ਗਾਥਾਵਾਂ ਨਾਲ ਭਰਿਆ ਹੋਇਆ ਹੈ, ਇਸ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ ਸਥਾਨ ਬੇਮਿਸਾਲ ਹੈ।
ਬਾਬਾ ਜੀ ਨੂੰ ਦਸਮੇਸ਼ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ ਲਈ ਰੱਬੀ ਨਿਆਂ ਦਿਵਾਉਣ ਦਾ ਮਾਣ ਹਾਸਲ ਹੈ। ਉਨ੍ਹਾਂ ਦੀ ਹਿੰਮਤ, ਦੇਸ਼ ਭਗਤੀ ਅਤੇ ਰਾਸ਼ਟਰ ਪ੍ਰਤੀ ਸਮਰਪਣ ਸਦੀਵੀ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਅਧਿਕਾਰ ਦਿੱਤੇ ਅਤੇ ਸਮੁੱਚੀ ਮਨੁੱਖਤਾ ਨੂੰ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਸੀ।