ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੁਲਾਈ
ਪੰਜਾਬ ਦੇ ਉੱਚੇਰੀ ਸਿੱਖਿਆ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਵਿੱਚ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਹਿੰਸਾ ਦਾ ਰਾਹ ਛੱਡ ਕੇ ਮੁੱਖ ਧਾਰਾ ਵਿੱਚ ਪਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਗੈਂਗਸਟਰ ਆਤਮ ਸਮਰਪਣ ਕਰਨ ਲਈ ਤਿਆਰ ਹਨ, ਉਨ੍ਹਾਂ ਗੈਂਗਸਟਰਾਂ ਖ਼ਿਲਾਫ਼ ਨਰਮ ਰੁਖ਼ ਅਪਣਾਇਆ ਜਾਵੇਗਾ। ‘ਆਪ’ ਸਰਕਾਰ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਹਰ ਸਮੇਂ ਚੌਕਸੀ ਨਾਲ ਕੰਮ ਕਰ ਰਹੀ ਹੈ। ਇਸ ਦੌਰਾਨ ਕਿਸੇ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਸ੍ਰੀ ਹੇਅਰ ਨੇ ਕਿਹਾ ਕਿ ਮਰਹੂਮ ਗਾਇਕ ਮੂਸੇਵਾਲਾ ਕਤਲ ਮਾਮਲੇ ਵਿੱਚ ਅੰਮ੍ਰਿਤਸਰ ਵਿੱਚ ਹੋਏ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਨੂੰ ਢੇਰ ਕਰਨ ਵਿੱਚ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਹੈ। ਉਨ੍ਹਾਂ ਨੌਜਵਾਨਾਂ ਨੂੰ ਗੁਮਰਾਹ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਗਨ ਕਲਚਰ ਦੇ ਮਗਰ ਨਾ ਲੱਗਣ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮਾਂ ਆਪਣੇ ਇਕਲੌਤੇ ਪੁੱਤਰ ਦੇ ਕਤਲ ਤੋਂ ਬਾਅਦ ਦੁਖੀ ਹੈ ਅਤੇ ਬਿਨਾਂ ਸ਼ੱਕ ਮ੍ਰਿਤਕ ਗੈਂਗਸਟਰਾਂ ਦੇ ਰਿਸ਼ਤੇਦਾਰ ਵੀ ਉਨ੍ਹਾਂ ਦੀ ਮੌਤ ’ਤੇ ਦੁਖੀ ਹੋਣਗੇ। ਇਸ ਲਈ ਇਹ ਜ਼ਰੂਰੀ ਹੈ ਕਿ ਪੰਜਾਬ ਦੇ ਨੌਜਵਾਨ ਗੈਂਗਸਟਰਵਾਦ ਨੂੰ ਤਿਆਗ ਕੇ ਪੰਜਾਬ ਨੂੰ ਇਕ ਵਾਰ ਫਿਰ ਤੋਂ ਖੁਸ਼ਹਾਲ ਸੂਬਾ ਬਣਾਉਣ ਲਈ ਕੰਮ ਕਰਨ।