ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਅਕਤੂਬਰ
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ (58) ਅੱਜ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦੀ ਮ੍ਰਿਤਕ ਦੇਹ ਦਾ ਬਾਅਦ ਦੁਪਹਿਰ ਗੁਰਦੁਆਰਾ ਸ਼ਹੀਦਾਂ ਨੇੜੇ ਸ਼ਮਸ਼ਾਨਘਾਟ ਵਿੱਚ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਪੁੱਤਰ ਨੇ ਦਿਖਾਈ। ਜਾਣਕਾਰੀ ਮੁਤਾਬਕ ਉਹ ਬੀਤੇ ਕੁਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਸਥਾਨਕ ਹਸਪਤਾਲ ਵਿਚ ਜ਼ੇਰੇ ਇਲਾਜ ਸਨ ਤੇ ਉਨ੍ਹਾਂ ਨੇ ਅੱਜ ਸਵੇਰੇ ਲਗਪਗ 7 ਵਜੇ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਉਨ੍ਹਾਂ ਦੇ ਘਰ ਵਿੱਚ ਪੁੱਜੇ ਅਤੇ ਪਰਿਵਾਰ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਈ। ਸਸਕਾਰ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੇ ਜਸਪਾਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਮਹਿੰਦਰ ਸਿੰਘ ਆਹਲੀ ਅਤੇ ਮਨਜੀਤ ਸਿੰਘ ਸਣੇ ਹੋਰਨਾਂ ਨੇ ਮ੍ਰਿਤਕ ਦੇਹ ’ਤੇ ਦੋਸ਼ਾਲੇ ਭੇਟ ਕੀਤੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਕ ਸ਼ੋਕ ਸਭਾ ਕੀਤੀ ਗਈ ਅਤੇ ਵਿਛੜੀ ਰੂਹ ਨਮਿਤ ਮੂਲ ਮੰਤਰ ਤੇ ਗੁਰ ਮੰਤਰ ਦੇ ਪਾਠ ਮਗਰੋਂ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਦੇ ਸੋਗ ਵਜੋਂ ਆਪਣੇ ਦਫ਼ਤਰ ਬਾਅਦ ਦੁਪਹਿਰ ਬੰਦ ਰੱਖੇ।