ਮੰਤਰੀ ਸਮੂਹ ਵੱਲੋਂ ਚੌਲ ਮਿੱਲਰਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੁਲਾਈ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਕਣਕ ਤੇ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਕਾਇਮ ਕੀਤੇ ਗਏ ਮੰਤਰੀ ਸਮੂਹ ਨੇ ਅੱਜ ਪੰਜਾਬ ਦੇ ਚੌਲ ਮਿੱਲਰਾਂ ਨਾਲ ਮੀਟਿੰਗ ਕੀਤੀ। ਮੰਤਰੀ ਸਮੂਹ ਨੇ ਚੌਲ ਮਿੱਲਰਾਂ ਦੇ ਮਸਲੇ ਸੁਣੇ ਅਤੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਮੰਤਰੀ ਸਮੂਹ ਦੇ ਚੇਅਰਮੈਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਉਣੀ ਖਰੀਦ ਸੀਜ਼ਨ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਝੋਨੇ ਦਾ ਬਿਜਾਈ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਮਿੱਲਰਾਂ ਤੇ ਹੋਰਨਾਂ ਭਾਈਵਾਲਾਂ ਦੀਆਂ ਚਿੰਤਾਵਾਂ, ਲੋੜਾਂ ਅਤੇ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਦੇ ਸੁਚੱਜੇ ਢੰਗ ਨਾਲ ਹੱਲ ਲਈ ਸੂਬਾ ਪ੍ਰਸ਼ਾਸਨ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿੱਲਰਾਂ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਬਾਰੇ ਕਈ ਮਹੀਨੇ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲਦ ਹੀ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਮਾਮਲਿਆਂ ਨੂੰ ਲੈ ਕੇ ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਨਾਜ ਦੇ ਭੰਡਾਰਨ ਲਈ ਖਾਲੀ ਥਾਂ ਨੂੰ ਯਕੀਨੀ ਕਰਨ ਲਈ ਸੂਬੇ ਵਿੱਚੋਂ ਅਨਾਜ ਦੀ ਚੁਕਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਹੁਣ ਤੱਕ ਸੂਬੇ ਵਿੱਚੋਂ 105 ਲੱਖ ਮੀਟ੍ਰਿਕ ਟਨ (ਐੱਲਐੱਮਟੀ) ਅਨਾਜ ਸੂਬੇ ’ਤੋਂ ਬਾਹਰ ਭੇਜਿਆ ਜਾ ਚੁੱਕਾ ਹੈ।