ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 8 ਜੁਲਾਈ
ਪੰਜਾਬ ਵਿਧਾਨ ਸਭਾ ਵਿੱਚ ਗੁਰਬਾਣੀ ਸੋਧ ਬਿੱਲ ਪਾਸ ਕਰਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੂਜੀ ਵਾਰ ਵੀ ਮੁਤਵਾਜ਼ੀ ਜਥੇਦਾਰ ਨੂੰ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ। ਇਸ ਮਾਮਲੇ ਵਿੱਚ ਮੁੱਖ ਮੰਤਰੀ ਨੂੰ ਸਪੱਸ਼ਟੀਕਰਨ ਦੇਣ ਲਈ ਤੀਸਰਾ ਤੇ ਆਖਰੀ ਮੌਕਾ ਦਿੰਦਿਆਂ 19 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕੇ ਮੁੱਖ ਮੰਤਰੀ ਨੂੰ ਅੱਜ 8 ਜੁਲਾਈ ਨੂੰ ਪੇਸ਼ ਹੋਣ ਦਾ ਦੂਜਾ ਮੌਕਾ ਦਿੱਤਾ ਗਿਆ ਸੀ, ਪਰ ਨਾ ਉਹ ਖ਼ੁਦ ਆਏ ਤੇ ਨਾ ਹੀ ਸਪੱਸ਼ਟੀਕਰਨ ਭੇਜਿਆ। ਉਨ੍ਹਾਂ ਕਿਹਾ ਕਿ ਗੁਰੂ ਘਰ ਦਾ ਸਿਧਾਂਤ ਹੈ ਕਿ ਹਰ ਕਿਸੇ ਨੂੰ ਭੁੱਲ ਬਖਸ਼ਾਉਣ ਵਾਸਤੇ ਮੌਕਾ ਦਿੱਤਾ ਜਾਵੇ। ਇਸੇ ਤਹਿਤ ਮੁੱਖ ਮੰਤਰੀ ਨੂੰ ਤੀਜਾ ਤੇ ਆਖਰੀ ਮੌਕਾ ਦਿੰਦਿਆਂ 19 ਜੁਲਾਈ ਨੂੰ ਸੱਦਿਆ ਗਿਆ ਹੈ। ਜੇਕਰ ਹੁਣ ਵੀ ਮੁੱਖ ਮੰਤਰੀ ਪੇਸ਼ ਨਹੀਂ ਹੁੰਦੇ ਤਾਂ 19 ਜੁਲਾਈ ਨੂੰ ਉਨ੍ਹਾਂ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਸ੍ਰੀ ਮੰਡ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਿੱਖ ਗੁਰਦੁਆਰਾ ਐਕਟ 1925 ਨਾਲ ਛੇੜਛਾੜ ਕਰਦਿਆਂ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਕੇ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਵਿੱਚ ਸਰਕਾਰੀ ਦਖ਼ਲ ਦਾ ਰਾਹ ਪੱਧਰਾ ਕੀਤਾ ਹੈ ਤੇ ਵਿਧਾਨ ਸਭਾ ਵਿੱਚ ਸਿੱਖਾਂ ਦੇ ਕਕਾਰਾਂ ਬਾਰੇ ਭੱਦੀਆਂ ਟਿੱਪਣੀਆਂ ਕੀਤੀਆਂ ਹਨ। ਇਸੇ ਬਾਰੇ ਉਨ੍ਹਾਂ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਗਈ ਹੈ।