ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਸਤੰਬਰ
ਯੂਕੇ ਦੀਆਂ ਗੁਰਦੁਆਰਾ ਕਮੇਟੀਆਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ ਮਸਕੀਨ ਵਿਰੁੱਧ ਡਾ. ਗੁਰਵਿੰਦਰ ਸਿੰਘ ਸਮਰਾ ਵੱਲੋਂ ਲਾਏ ਗਏ ਦੋਸ਼ਾਂ ਦੀ ਕਿਸੇ ਭਰੋਸੇਯੋਗ ਸਰਕਾਰੀ ਜਾਂ ਗ਼ੈਰ-ਸਰਕਾਰੀ ਏਜੰਸੀ ਤੋਂ ਨਿਰਪੱਖ ਜਾਂਚ ਕਰਵਾ ਕੇ ਸਚਾਈ ਸਾਹਮਣੇ ਲਿਆਂਦੀ ਜਾਵੇ। ਇਸ ਸਬੰਧੀ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਰਣਧੀਰ ਸਿੰਘ ਯੂਕੇ ਅਤੇ ਭਾਈ ਪਰਮਜੀਤ ਸਿੰਘ ਢਾਡੀ ਤੋਂ ਪ੍ਰਾਪਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਗੁਰਦੁਆਰਾ ਗੁਰੂ ਹਰਿਰਾਏ ਸਾਹਿਬ ਵੈਸਟ ਬਰਮਿੰਘਮ ਵਿੱਚ ਬਰਤਾਨੀਆ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਹੈ। ਉਨ੍ਹਾਂ ਮਤਾ ਪਾਸ ਕਰ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਵਾਦ ਦੀ ਤੁਰੰਤ ਜਾਂਚ ਕਰਵਾਉਣ। ਇਕ ਮਤੇ ਰਾਹੀਂ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਸਚਾਈ ਸਾਹਮਣੇ ਆਉਣ ਤੱਕ ਦੋਸ਼ਾਂ ਨੂੰ ਸੱਚ ਨਾ ਮੰਨਿਆ ਜਾਵੇ। ਮੀਟਿੰਗ ਵਿੱਚ ਰਣਧੀਰ ਸਿੰਘ ਸੰਗਤ ਟਰੱਸਟ ਯੂਕੇ, ਭਾਈ ਪਰਮਜੀਤ ਸਿੰਘ ਢਾਡੀ, ਲੱਖਾ ਸਿੰਘ ਪ੍ਰਧਾਨ, ਭਾਈ ਦਇਆ ਸਿੰਘ ਪ੍ਰਧਾਨ, ਰਘਬੀਰ ਸਿੰਘ ਪ੍ਰਧਾਨ, ਪ੍ਰਧਾਨ ਰਣਜੀਤ ਸਿੰਘ, ਸਤਨਾਮ ਸਿੰਘ, ਜੋਗਿੰਦਰ ਸਿੰਘ, ਜਸਵੀਰ ਸਿੰਘ, ਜਗਵੀਰ ਸਿੰਘ ਅਤੇ ਪ੍ਰਕਾਸ਼ ਸਿੰਘ ਆਦਿ ਹਾਜ਼ਰ ਸਨ। ਦੱਸਣਯੋਗ ਹੈ ਕਿ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਰਣਜੀਤ ਸਿੰਘ ਦੀਆਂ ਸੇਵਾਵਾਂ ਤੇ ਸਹੂਲਤਾਂ ਆਦਿ ’ਤੇ ਰੋਕ ਲਗਾਈ ਹੋਈ ਹੈ।