ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਅਪਰੈਲ
ਉਤਰਾਖੰਡ ਦੇ ਹਰਿਦੁਆਰ ਸਥਿਤ ਪੁਰਾਤਨ ਤੇ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦਾ ਮਾਮਲਾ ਅੱਜ ਮੁੜ ਉਭਰਿਆ ਹੈ। ਇਸ ਸਬੰਧ ਵਿੱਚ ਕੀਤੀ ਗਈ ਇੱਕ ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਾਮਲੇ ਬਾਰੇ ਇਕ ਸਾਂਝੀ ਕਮੇਟੀ ਬਣਾਉਣ।
ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਗੁਰਦੁਆਰਾ ਗਿਆਨ ਗੋਦੜੀ ਦੀ ਸਥਾਪਨਾ ਲਈ ਕੇਂਦਰ ਸਰਕਾਰ ਕੋਲੋਂ ਲੋੜੀਂਦੀ ਜ਼ਮੀਨ ਦੀ ਮੰਗ ਕੀਤੀ ਗਈ ਸੀ। ਇਸ ਮਗਰੋਂ ਅੱਜ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਹੋਰਨਾਂ ਨੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਗੁਰਦੁਆਰਾ ਕਲਗੀਧਰ ਨਿਵਾਸ, ਚੰਡੀਗੜ੍ਹ ਵਿੱਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਵਧੀਕ ਸਕੱਤਰ ਸੁਖਮਿੰਦਰ ਸਿੰਘ ਤੇ ਹੋਰਨਾਂ ਨੇ ਇਸ ਮਾਮਲੇ ਨੂੰ ਵਿਚਾਰਨ ਮਗਰੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਇਕ ਸਾਂਝੀ ਕਮੇਟੀ ਬਣਾਉਣ ਦੀ ਅਪੀਲ ਕੀਤੀ ਹੈ। ਸ੍ਰੀ ਪੰਜੋਲੀ ਨੇ ਦੱਸਿਆ ਕਿ ਮੀਟਿੰਗ ਵਿੱਚ ਮੈਂਬਰਾਂ ਨੇ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ ਲਈ ਉਪਰਾਲੇ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਕਰੋਨਾ ਜਾਂਚ ਕੈਂਪ ਲਾਇਆ
ਅੰਮ੍ਰਿਤਸਰ (ਟਨਸ): ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੋਨਾ ਸਬੰਧੀ ਜਾਂਚ ਕੈਂਪ ਲਾਇਆ। ਕੈਂਪ ਵਿੱਚ ਲਗਪਗ 150 ਤੋਂ ਵੱਧ ਯਾਤਰੂਆਂ ਨੇ ਆਪਣਾ ਕਰੋਨਾ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਭਲਕੇ 10 ਅਪਰੈਲ ਨੂੰ ਆਵੇਗੀ।