ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰਦੁਆਰੇ ਦੀ ਜ਼ਮੀਨ ਵੇਚਣ ਦਾ ਮਾਮਲਾ: ਦਿੱਲੀ ਕਮੇਟੀ ’ਤੇ ਸੰਗਤ ਨੂੰ ਗੁਮਰਾਹ ਕਰਨ ਦਾ ਦੋਸ਼

ਸ਼੍ਰੋਮਣੀ ਕਮੇਟੀ ਦੇ ਸਕੱਤਰ ਵੱਲੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 22 ਜੂਨ

Advertisement

‘ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਮਾਲਕੀ ਵਾਲੇ ਕੁਝ ਪਲਾਟ ਵੇਚਣ ਦੇ ਮਾਮਲੇ ’ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਬੇਲੋੜੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਹੇ ਹਨ।’ ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਪਹਿਲਾਂ ਵੀ ਸਪੱਸ਼ਟ ਕਰ ਚੁੱਕੀ ਹੈ ਕਿ ਗੁਰਦੁਆਰੇ ਦੀ ਵਰਤੋਂ ਵਿੱਚ ਨਾ ਆਉਣ ਵਾਲੀ, ਲੋਕਾਂ ਦੇ ਕਬਜ਼ੇ ਹੇਠਲੀ ਅਤੇ ਤੰਗ ਗਲੀਆਂ ਵਿੱਚ ਛੋਟੇ ਪਲਾਟਾਂ ਦੇ ਰੂਪ ਵਿੱਚ ਕੁਝ ਥਾਂ ਨੂੰ ਨਿਯਮਾਂ ਅਨੁਸਾਰ ਜਾਇਦਾਦ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਵੇਚਣ ਦਾ ਫੈਸਲਾ ਕੀਤਾ ਗਿਆ ਸੀ। ਇਸ ਥਾਂ ਦੀ ਕੀਮਤ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਸੰਗਤ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਨੂੰ 16 ਲੱਖ ਦੀ ਥਾਂ 60 ਲੱਖ ਦਾ ਕਹਿਣਾ ਸਿਆਸੀ ਬਿਆਨਬਾਜ਼ੀ ਹੈ। ਉਨ੍ਹਾਂ ਕਿਹਾ ਕਿ ਜੇ ਦਿੱਲੀ ਕਮੇਟੀ ਚਾਹੇ ਤਾਂ 60 ਲੱਖ ਰੁਪਏ ਵਿੱਚ ਇਹ ਥਾਂ ਲੈ ਸਕਦੀ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਸਿੱਖ ਸੰਸਥਾ ਨੇ ਨਿਯਮਾਂ ਅਨੁਸਾਰ ਇਹ ਜਾਇਦਾਦ ਖੁੱਲ੍ਹੀ ਬੋਲੀ ਰਾਹੀਂ ਵੇਚੀ ਸੀ ਪਰ ਇਸ ’ਤੇ ਬੇਲੋੜੇ ਵਿਵਾਦ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਇਸ ਬੋਲੀ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਸੰਗਤ ਨੂੰ ਅਜਿਹੀ ਅਧਾਰਹੀਣ ਤੇ ਗੁਮਰਾਹਕੁਨ ਬਿਆਨਬਾਜ਼ੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

Advertisement