ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਜੂਨ
ਪਾਕਿਸਤਾਨ ਦੇ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਵਿੱਚ ਅੱਜ ਵੱਖਰੇ ਤੌਰ ’ਤੇ ਗੁਰੂ ਅਰਜਨ ਦੇਵ ਦਾ ਸ਼ਹੀਦੀ ਪੁਰਬ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ਹੀਦੀ ਪੁਰਬ ਭਾਰਤ ਵਿੱਚ 3 ਜੂਨ ਨੂੰ ਮਨਾਇਆ ਗਿਆ ਸੀ। ਅੱਜ ਇਸ ਸਬੰਧ ਵਿੱਚ ਗੁਰਦੁਆਰਾ ਡੇਹਰਾ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਗੁਰਬਾਣੀ ਕੀਰਤਨ ਹੋਇਆ।
ਇਸ ਮੌਕੇ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਵੀ ਸ਼ਹੀਦੀ ਪੁਰਬ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਭਾਰਤ ਅਤੇ ਹੋਰਨਾਂ ਮੁਲਕਾਂ ਤੋਂ ਆਏ ਸਿੱਖ ਸ਼ਰਧਾਲੂਆਂ ਦਾ ਸਵਾਗਤ ਕੀਤਾ। ਸੰਸਦ ਮੈਂਬਰ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਰਹਿੰਦੇ ਸਿੱਖ ਸੁਰੱਖਿਅਤ ਹਨ ਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਖੇਤਰ ਵਿੱਚ ਨੁਮਾਇੰਦਗੀ ਦੇ ਕੇ ਸਤਿਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਲਾਹੌਰ ਵਿੱਚ ਇਸ ਸਬੰਧੀ ਯਾਦਗਾਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਇਸ ਮੌਕੇ ਪਾਕਿਸਤਾਨ ਔਕਾਫ ਬੋਰਡ ਦੇ ਚੇਅਰਮੈਨ ਅਤੇ ਅਧਿਕਾਰੀਆਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਲਾਹੌਰ ਦੀ ਬਾਦਸ਼ਾਹੀ ਮਸਜਿਦ ਦੇ ਮੁਖੀ ਮੌਲਾਨਾ ਅਬਦੁਲ ਕਬੀਰ ਆਜ਼ਾਦ ਨੇ ਦੁਨੀਆ ਭਰ ਵਿੱਚ ਵਸਦੇ ਮੁਸਲਿਮ ਤੇ ਸਿੱਖ ਭਾਈਚਾਰੇ ਨੂੰ ਆਪਸੀ ਸਾਂਝ ਕਾਇਮ ਰੱਖਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਇਸ ਮੌਕੇ ਪੀਐੱਸਜੀਪੀਸੀ ਵੱਲੋਂ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਤੇ ਹੋਰਨਾਂ ਦਾ ਸਨਮਾਨ ਵੀ ਕੀਤਾ ਗਿਆ।