‘ਬਰਾਬਰੀ ਦਾ ਸੁਨੇਹਾ ਦਿੰਦੀ ਹੈ ਗੁਰੂ ਰਵਿਦਾਸ ਦੀ ਬਾਣੀ’
ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਤਵਾਂ ਸੂਬਾ ਪੱਧਰੀ ਸੈਮੀਨਾਰ
ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਅੱਜ ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ। ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਮਹਿਲ ਕਲਾਂ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਸਲਾਹਕਾਰ ਦੀਪਕ ਬਾਲੀ, ਡੇਰਾ ਸੰਤ ਪ੍ਰੀਤਮ ਦਾਸ ਦੇ ਮੁਖੀ ਬਾਬਾ ਨਿਰਮਲ ਦਾਸ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ, ਸੰਤੋਸ਼ ਕੁਮਾਰੀ, ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਸੰਜੇ ਕੁਮਾਰ, ਪ੍ਰੋ. ਐੱਲ ਕੇ ਯਾਦਵ, ਡਾ. ਸਿਮਰਜੀਤ ਕੌਰ ਹਾਜ਼ਰ ਸਨ।
ਸ੍ਰੀ ਪੰਡੋਰੀ ਨੇ ਕਿਹਾ ਕਿ ਗੁਰੂ ਰਵਿਦਾਸ ਦੀ ਸ਼ਖ਼ਸੀਅਤ ਕਿਸੇ ਇੱਕ ਵਰਗ, ਧਰਮ ਜਾਂ ਖੇਤਰ ਤੱਕ ਸੀਮਤ ਨਹੀਂ। ਉਨ੍ਹਾਂ ਦੀ ਬਾਣੀ ਅਤੇ ਵਿਚਾਰਧਾਰਾ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਪਿਆਰ, ਭਾਈਚਾਰੇ, ਸੱਚਾਈ ਅਤੇ ਮਨੁੱਖੀ ਸਨਮਾਨ ਦਾ ਸੁਨੇਹਾ ਦਿੰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਸਾਲ ਦੌਰਾਨ ਵੱਖ-ਵੱਖ ਸਮਾਗਮਾਂ ਰਾਹੀਂ ਮਨਾਇਆ ਜਾ ਰਿਹਾ ਹੈ। ਸ੍ਰੀ ਬਾਲੀ ਨੇ ਸਭਨਾਂ ਨੂੰ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਸਮੁੱਚੇ ਸੰਸਾਰ ਵਿੱਚ ਬਰਾਬਰੀ ਦਾ ਚਾਨਣ ਫੈਲਾਉਣ ਦਾ ਸੱਦਾ ਦਿੱਤਾ।
ਇਸ ਸੈਮੀਨਾਰ ਵਿੱਚ ਪ੍ਰੋ. ਮਨਜਿੰਦਰ ਸਿੰਘ, ਸੰਤੋਸ਼ ਕੁਮਾਰੀ, ਬਾਬਾ ਨਿਰਮਲ ਦਾਸ, ਸ੍ਰੀ ਬਾਹਰਾ ਨੇ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਅੱਜ ਦੇ ਸਮੇਂ ਵਿੱਚ ਬਰਾਬਰੀ ਅਤੇ ਮਨੁੱਖੀ ਸਨਮਾਨ ਦੀ ਸਥਾਪਨਾ ਲਈ ਮਹੱਤਵਪੂਰਨ ਦੱਸਦਿਆਂ ਵਿਦਿਆਰਥੀਆਂ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਗੁਰੂ ਰਵਿਦਾਸ ਦੇ ਜੀਵਨ ਤੇ ਸਿੱਖਿਆਵਾਂ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਵੀ ਦਿਖਾਈ ਗਈ।

