ਜੋਗਿੰਦਰ ਸਿੰਘ ਮਾਨ
ਮਾਨਸਾ, 9 ਜਨਵਰੀ
ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਮਗਰੋਂ ਮਾਲਵਾ ਖੇਤਰ ਵਿੱਚ ਜਿਹੜੇ ਆਗੂਆਂ ਨੂੰ ਸਿਆਸੀ ਧਿਰਾਂ ਨੇ ਆਪਣੇ ਉਮੀਦਵਾਰ ਐਲਾਨ ਦਿੱਤਾ ਹੈ, ਉਨ੍ਹਾਂ ਦੇ ਖੁਸ਼ੀਆਂ ਦਾ ਮਾਹੌਲ ਹੈ, ਜਦ ਕਿ ਬਾਕੀ ਧਿਰਾਂ ਹਾਲੇ ਚੁੱਪ ਹਨ। ਪੰਜਾਬ ਵਿੱਚ ਅਕਾਲੀ ਦਲ-ਬਸਪਾ ਗੱਠਜੋੜ ਅਤੇ ਆਮ ਆਦਮੀ ਪਾਰਟੀ ਨੇ ਮਾਲਵਾ ਖੇਤਰ ਦੀਆਂ ਜ਼ਿਆਦਾਤਰ ਸੀਟਾਂ ’ਤੇ ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ, ਜਦੋਂ ਕਿ ਰਾਜ ਦੀ ਸੱਤਾਧਾਰੀ ਕਾਂਗਰਸ ਪਾਰਟੀ ਅਤੇ ਭਾਜਪਾ-ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਗੱਠਜੋੜ ਸਮੇਤ ਕਿਸਾਨਾਂ ਵੱਲੋਂ ਬਣਾਈਆਂ ਗਈਆਂ ਪਾਰਟੀਆਂ ਨੇ ਅਜੇ ਤੱਕ ਆਪਣੇ ਉਮੀਦਵਾਰ ਨਹੀਂ ਐਲਾਨੇ ਹਨ।
ਪ੍ਰਾਪਤ ਵੇਰਵਿਆਂ ਅਨੁਸਾਰ ‘ਆਪ’ ਨੇ ਹੁੁਣ ਤੱਕ 117 ਵਿੱਚੋਂ 104 ਅਤੇ ਸ਼੍ਰੋਮਣੀ ਅਕਾਲੀ ਦਲ, ਜੋ ਕਿ ਬਸਪਾ ਨਾਲ ਮਿਲ ਕੇ ਚੋਣ ਲੜ ਰਹੀ ਹੈ, ਨੇ ਆਪਣੇ ਹਿੱਸੇ ਦੇ 97 ਉਮੀਦਵਾਰਾਂ ਵਿੱਚੋਂ 91 ਦਾ ਐਲਾਨ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਮਿਲ ਕੇ ਚੋਣਾਂ ਲੜਨ ਦਾ ਐਲਾਨ ਕਰ ਚੁੱਕੀ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵੱਲੋਂ ਅਜੇ ਤੱਕ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ (ਸੰਯੁਕਤ) ਨੇ ਤਾਂ ਅਜੇ ਤੱਕ ਇਹ ਵੀ ਐਲਾਨ ਨਹੀਂ ਕੀਤਾ ਕਿ ਮਾਲਵਾ ਖੇਤਰ ਸਮੇਤ ਪੂਰੇ ਪੰਜਾਬ ਵਿੱਚ ਕਿਹੜੀ ਪਾਰਟੀ ਕਿੰਨੀਆਂ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰੇਗੀ, ਜਦੋਂ ਕਿ ਕਾਂਗਰਸ ਤਰਫੋਂ 2017 ਵਾਂਗ ਸਾਰੀਆਂ ਸੀਟਾਂ ’ਤੇ ਇੱਕਲਿਆਂ ਹੀ ਚੋਣਾਂ ਲੜਨ ਦਾ ਐਲਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਾਨਸਾ ਦੀ ਇੱਕ ਰੈਲੀ ਦੌਰਾਨ ਕਰ ਚੁੱਕੇ ਹਨ। ਦਿਲਚਸਪ ਗੱਲ ਇਹ ਵੀ ਹੈ ਕਿ ਦਿੱਲੀ ਦੇ ਕਿਸਾਨ ਅੰਦੋਲਨ ਜਿੱਤ ਤੋਂ ਬਾਅਦ ਕਿਸਾਨ ਆਗੂਆਂ ਨੇ ਵੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ‘ਸੰਯੁਕਤ ਸੰਘਰਸ਼ ਪਾਰਟੀ’ ਅਤੇ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ‘ਸੰਯੁਕਤ ਸਮਾਜ ਮੋਰਚਾ’ ਹੇਠ ਚੋਣਾਂ ਲੜਨ ਦਾ ਐਲਾਨ ਕੀਤਾ ਹੋਇਆ ਹੈ ਅਤੇ ਉਨ੍ਹਾਂ ਵੱਲੋਂ ਵੀ ਅਜੇ ਤੱਕ ਕਿਸੇ ਵੀ ਹਲਕੇ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਹਾਲਾਂਕਿ ਮਾਨਸਾ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਇੱਕ-ਦੋ ਦਿਨਾਂ ਵਿੱਚ ਉਮੀਦਵਾਰ ਐਲਾਨਣ ਦਾ ਐਲਾਨ ਕੀਤਾ ਹੋਇਆ ਹੈ।
ਹੁਣ ਚੋਣਾਂ ਦੇ ਐਲਾਨ ਮਗਰੋਂ ਇਹ ਕਿਆਸ ਲੱਗਣੇ ਸ਼ੁਰੂ ਹੋ ਗਏ ਹਨ ਕਿ ਇੱਕ-ਦੋ ਦਿਨਾਂ ਵਿੱਚ ਹੀ ਸਾਰੀਆਂ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ।