ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਅਕਤੂਬਰ
ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ‘ਆਪ’ ਦੀ ਸਰਕਾਰ ਵੱਲੋਂ 15 ਸਾਲਾਂ ਦੀ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ‘ਆਪ’ ਦੇ ਮਜੀਠਾ ਬਲਾਕ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਬੱਲ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ਿਕਾਇਤ ਮੁਤਾਬਕ ਪ੍ਰਿਤਪਾਲ ਸਿੰਘ ਨੂੰ ਮੁਲਜ਼ਮ ਬਣਾਉਣ ਦੀ ਥਾਂ ਮਜੀਠਾ ਪੁਲੀਸ ਉਸ ਨੂੰ ਮੁਲਜ਼ਮ ਦਾ ਸਾਥੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਆਗੂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਅਕਾਲੀ ਦਲ ਅਤੇ ਮਜੀਠਾ ਵਾਸੀ ਸੰਘਰਸ਼ ਵਿੱਢਣਗੇ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਇਸ ਕੇਸ ਵਿੱਚ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦੇਣ ਦੀ ਹਦਾਇਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲੀਸ ’ਤੇ ਪ੍ਰਿਤਪਾਲ ਸਿੰਘ ਨਾਲ ਨਰਮੀ ਵਰਤਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਜਾਂਚ ਟੀਮ ਬਣਾਈ ਜਾਵੇ।