ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 29 ਸਤੰਬਰ
ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਏਆਈਸੀਸੀ ਨਿਗਰਾਨ ਹਰੀਸ਼ ਚੌਧਰੀ ਚੰਡੀਗੜ੍ਹ ਪੁੱਜ ਗਏ ਹਨ ਤੇ ਇਸ ਤੋਂ ਲੱਗਦਾ ਹੈ ਕਿ ਪਾਰਟੀ ਇਸ ਬਲਦੀ ਅੱਗ ਨੂੰ ਛੇਤੀ ਠੰਢਾ ਕਰਨ ਦੇ ਰੌਂਅ ਵਿੱਚ ਹੈ। ਪਾਰਟੀ ਦੇ ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਸ੍ਰੀ ਚੌਧਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਹੋਰ ਨੇਤਾਵਾਂ ਨਾਲ ਮੁਲਾਕਾਤ ਕਰਕੇ ਸਥਿਤੀ ਦਾ ਪਤਾ ਲਗਾਉਣਾ ਸੀ। ਉਨ੍ਹਾਂ ਦੀ ਸਿੱਧੂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ ਪਰ ਪਾਰਟੀ ਵੱਲੋਂ ਇਸ ਬਾਰੇ ਸਪੱਸ਼ਟ ਨਹੀਂ ਕੀਤਾ ਗਿਆ।