DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਹਰਪਾਲ ਚੀਮਾ ਨੇ ਘੇਰਿਆ

ਚੀਮਾ ਦਾ ਦੋਸ਼: ਖੇਡ ਅਤੇ ਸਿੱਖਿਆ ਮੰਤਰੀ ਰਹਿਣ ਦੌਰਾਨ ਪਰਗਟ ਸਿੰਘ ਰਹੇ "ਬੁਰੀ ਤਰ੍ਹਾਂ ਫੇਲ੍ਹ"

  • fb
  • twitter
  • whatsapp
  • whatsapp
Advertisement

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨਿੱਚਰਵਾਰ ਨੂੰ ਸੂਬਾ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ 'ਤੇ ਸਵਾਲ ਚੁੱਕੇ ਹਨ। ਚੀਮਾ ਨੇ ਪੁੱਛਿਆ ਕਿ ਜਦੋਂ ਪਰਗਟ ਸਿੰਘ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਸਨ, ਤਾਂ ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਬੇਅਦਬੀ ਵਰਗੇ ਗੰਭੀਰ ਮੁੱਦਿਆਂ 'ਤੇ ਆਵਾਜ਼ ਕਿਉਂ ਨਹੀਂ ਚੁੱਕੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਬਤੌਰ ਖੇਡ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਕੰਮਕਾਜ 'ਤੇ ਵੀ ਨਿਸ਼ਾਨਾ ਸੇਧਿਆ।

ਕਾਂਗਰਸ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫਾ ਦੇਣ ਤੋਂ ਬਾਅਦ ਸ਼ੁੱਕਰਵਾਰ ਨੂੰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਸੀ। ਪਰਗਟ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਮੀਡੀਆ ਨਾਲ ਗੱਲ ਕਰਦਿਆਂ ਚੀਮਾ ਨੇ ਕਿਹਾ ਕਿ ਸਾਬਕਾ ਓਲੰਪੀਅਨ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਤੋਂ ਕੀਤੀ ਸੀ।ਸੂਬੇ ਦੇ ਵਿੱਤ ਮੰਤਰੀ ਨੇ ਦੋਸ਼ ਲਾਇਆ ਕਿ ਜਦੋਂ ਅਕਾਲੀ ਦਲ ਸੱਤਾ ਵਿੱਚ ਸੀ, ਉਦੋਂ ਪਰਗਟ ਸਿੰਘ ਨੇ ਨਸ਼ਿਆਂ ਦੀ ਸਮੱਸਿਆ ਅਤੇ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਬੇਅਦਬੀ ਦੀਆਂ ਘਟਨਾਵਾਂ ਦੇ ਮੁੱਦੇ ਕਦੇ ਨਹੀਂ ਚੁੱਕੇ। ਚੀਮਾ ਨੇ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਪਰਗਟ ਸਿੰਘ ਇਨ੍ਹਾਂ ਦੋਵਾਂ ਮੁੱਦਿਆਂ 'ਤੇ ਚੁੱਪ ਰਹੇ।

Advertisement

ਚੀਮਾ ਨੇ ਦਾਅਵਾ ਕੀਤਾ ਕਿ ਜਦੋਂ 'ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026' ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ, ਉਦੋਂ ਪਰਗਟ ਸਿੰਘ ਨੇ ਕਿਹਾ ਸੀ ਕਿ ਕਾਂਗਰਸ ਦਾ ਇੱਕ ਧੜਾ ਬਿੱਲ ਦੇ ਹੱਕ ਵਿੱਚ ਹੈ ਅਤੇ ਦੂਜਾ ਧੜਾ ਇਸਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਨੇ ਸਵਾਲ ਕੀਤਾ, "ਮੈਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਹ ਹੁਣ ਕਾਂਗਰਸ ਦੇ ਕਿਹੜੇ ਧੜੇ ਦੀ ਅਗਵਾਈ ਕਰ ਰਹੇ ਹਨ।"

Advertisement

ਪਿਛਲੀ ਸਰਕਾਰ ਵਿੱਚ ਪਰਗਟ ਸਿੰਘ ਦੇ ਖੇਡ ਅਤੇ ਸਿੱਖਿਆ ਮੰਤਰੀ ਰਹਿਣ ਦੌਰਾਨ ਉਨ੍ਹਾਂ ਦੇ ਕੰਮਕਾਜ 'ਤੇ ਸਵਾਲ ਚੁੱਕਦਿਆਂ ਚੀਮਾ ਨੇ ਦੋਸ਼ ਲਾਇਆ ਕਿ ਉਹ ਇਨ੍ਹਾਂ ਦੋਵਾਂ ਵਿਭਾਗਾਂ ਵਿੱਚ "ਬੁਰੀ ਤਰ੍ਹਾਂ ਫੇਲ੍ਹ" ਰਹੇ। ਉਨ੍ਹਾਂ ਨੇ ਪਰਗਟ ਸਿੰਘ ਦੇ ਸਿੱਖਿਆ ਮੰਤਰੀ ਰਹਿੰਦਿਆਂ 1,158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕੀਤਾ। ਚੀਮਾ ਨੇ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਸਬੰਧਤ ਨਿਯਮਾਂ ਨੂੰ ਅਣਦੇਖਿਆ ਕੀਤੇ ਜਾਣ ਕਾਰਨ ਸੁਪਰੀਮ ਕੋਰਟ ਨੇ ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਰੱਦ ਕਰ ਦਿੱਤੀ ਸੀ।

ਚੀਮਾ ਨੇ ਕਿਹਾ ਕਿ ਖੇਡ ਪਿਛੋਕੜ ਤੋਂ ਆਉਣ ਦੇ ਬਾਵਜੂਦ ਜਦੋਂ ਪਰਗਟ ਸਿੰਘ ਕੋਲ ਖੇਡ ਵਿਭਾਗ ਸੀ, ਉਦੋਂ ਖੇਡ ਬਜਟ ਲਈ "ਬਹੁਤ ਮਾਮੂਲੀ" ਰਕਮ ਰੱਖੀ ਗਈ ਸੀ।

ਜ਼ਿਕਰਯੋਗ ਹੈ ਕਿ ਪਰਗਟ ਸਿੰਘ ਨੇ 2012 ਵਿੱਚ ਜਲੰਧਰ ਕੈਂਟ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜ ਕੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਕਾਂਗਰਸ ਉਮੀਦਵਾਰ ਨੂੰ ਹਰਾਇਆ ਸੀ। ਸਾਲ 2016 ਵਿੱਚ ਪਰਗਟ ਸਿੰਘ ਨੂੰ ਅਕਾਲੀ ਦਲ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਅਤੇ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਲੰਧਰ ਕੈਂਟ ਸੀਟ ਤੋਂ ਜਿੱਤੇ।

Advertisement
×